Chandigarh Mayor Election: ‘ਆਪ’ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਮੰਗ ਕੀਤੀ

ਏਜੰਸੀ

ਖ਼ਬਰਾਂ, ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗੱਠਜੋੜ ਨੂੰ ਹਰਾ ਕੇ ਤਿੰਨੋਂ ਚੋਟੀ ਦੇ ਅਹੁਦਿਆਂ ’ਤੇ ਜਿੱਤ ਹਾਸਲ ਕੀਤੀ

Punjab Haryana High Court

Chandigarh Mayor Election: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਚੰਡੀਗੜ੍ਹ ਦੇ ਮੇਅਰ ਚੋਣ ਨਤੀਜਿਆਂ ਨੂੰ ਰੱਦ ਕਰਨ ਅਤੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਤੋਂ ਕੁੱਝ ਘੰਟੇ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗੱਠਜੋੜ ਨੂੰ ਹਰਾ ਕੇ ਤਿੰਨੋਂ ਚੋਟੀ ਦੇ ਅਹੁਦਿਆਂ ’ਤੇ ਜਿੱਤ ਹਾਸਲ ਕੀਤੀ ਸੀ। 

ਗੱਠਜੋੜ ਨੇ ਪ੍ਰੀਜ਼ਾਈਡਿੰਗ ਅਧਿਕਾਰੀ ’ਤੇ ਚੋਣ ਨਤੀਜੇ ਆਉਣ ਤੋਂ ਬਾਅਦ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਸੂਤਰਾਂ ਮੁਤਾਬਕ ਇਹ ਪਟੀਸ਼ਨ ਕੌਂਸਲਰ ਕੁਲਦੀਪ ਕੁਮਾਰ ਨੇ ਦਾਇਰ ਕੀਤੀ ਸੀ, ਜੋ ਮੇਅਰ ਅਹੁਦੇ ਦੇ ਉਮੀਦਵਾਰ ਸਨ। ਸੂਤਰਾਂ ਨੇ ਦਸਿਆ ਕਿ ਪਟੀਸ਼ਨਕਰਤਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਕਰਵਾਉਣ ਦੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। 

ਇਸ ਤੋਂ ਪਹਿਲਾਂ ਨਤੀਜੇ ਐਲਾਨੇ ਹੀ ਵਿਰੋਧੀ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਅਲਾਇੰਸ (ਇੰਡੀਆ) ਦੇ ਸਹਿਯੋਗੀ ਪਾਰਟੀਆਂ ‘ਆਪ’ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਅਗਲੇ ਪੜਾਅ ਦੀਆਂ ਚੋਣਾਂ ਦਾ ਬਾਈਕਾਟ ਕੀਤਾ। 

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਨੋਜ ਸੋਨਕਰ ਨੇ ਕਾਂਗਰਸ ਸਮਰਥਿਤ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਸੋਨਕਰ ਨੂੰ 16 ਵੋਟਾਂ ਮਿਲੀਆਂ ਜਦਕਿ ਕੁਮਾਰ ਨੂੰ 12 ਵੋਟਾਂ ਮਿਲੀਆਂ। ਅੱਠ ਵੋਟਾਂ ਨੂੰ ਗੈਰ-ਕਾਨੂੰਨੀ ਕਰਾਰ ਦਿਤਾ ਗਿਆ। 

ਸੂਤਰਾਂ ਮੁਤਾਬਕ ‘ਆਪ’ ਦੀ ਪਟੀਸ਼ਨ ’ਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ’ਚ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦਾ ਹੁਕਮ ਦੇਣ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਦੋਸ਼ ਲਾਇਆ ਹੈ ਕਿ ਚੋਣ ਪ੍ਰਕਿਰਿਆ ’ਚ ਪੂਰੀ ਤਰ੍ਹਾਂ ਧੋਖਾਧੜੀ ਹੋਈ ਹੈ ਅਤੇ ਇਸ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। 

ਸੂਤਰਾਂ ਨੇ ਦਸਿਆ ਕਿ ਪਟੀਸ਼ਨਕਰਤਾ ਨੇ ਬੈਲਟ ਪੇਪਰਾਂ ਦੇ ਰੀਕਾਰਡ, ਮੰਗਲਵਾਰ ਨੂੰ ਵੋਟਿੰਗ ਪ੍ਰਕਿਰਿਆ ਅਤੇ ਵੀਡੀਉ ਗ੍ਰਾਫੀ ਸਮੇਤ ਪੂਰੀ ਚੋਣ ਪ੍ਰਕਿਰਿਆ ਨੂੰ ਰੋਕਣ ਦਾ ਹੁਕਮ ਦੇਣ ਦੀ ਵੀ ਮੰਗ ਕੀਤੀ ਹੈ।