ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਵੀਰਵਾਰ ਨੂੰ ਸ਼ਹਿਰ ਦੇ ਸੈਕਟਰ-25 ਸਥਿਤ ਰੈਲੀ ਗਰਾਊਂਡ 'ਚ ਰੈਲੀ ਨੂੰ ਸੰਬੋਧਨ ਕੀਤੀ। ਰੈਲੀ 'ਚ ਸ਼ਾਮਲ ਹੋਣ ਲਈ ਹਰਿਆਣਾ ਅਤੇ ਪੰਜਾਬ ਤੋਂ ਪਾਰਟੀ ਦੇ ਕਾਰਕੁੰਨ ਪੁੱਜੇ ਹੋਏ ਸਨ। ਰੈਲੀ ਗਰਾਊਂਡ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਸਭ ਤੋਂ ਪਹਿਲਾਂ ਉਨ੍ਹਾਂ ਨੇ ਪਾਰਟੀ ਦੇ ਸੰਸਥਾਪਕ ਕਾਂਸ਼ੀਰਾਮ ਦੇ ਜਨਮਦਿਨ ਦੀ ਵਧਾਈ ਦਿਤੀ।
ਮਾਇਆਵਤੀ ਨੇ ਕਿਹਾ ਕਿ ਪੰਜਾਬ ਦੀਆਂ ਸਰਕਾਰਾਂ ਨੇ ਹਮੇਸ਼ਾ ਦਲਿਤਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਇਸ ਲਈ ਪਾਰਟੀ ਦੇ ਕਾਰਕੁੰਨਾਂ ਨੂੰ ਖ਼ੁਦ ਮਿਹਨਤ ਕਰਨੀ ਪਵੇਗੀ ਅਤੇ ਪਾਰਟੀ ਨੂੰ ਖੜ੍ਹਾ ਕਰਨ ਲਈ ਖ਼ੁਦ ਹੀ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦਲਿਤਾਂ ਦੇ ਤਿਆਗ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਇਸ ਮੌਕੇ ਭਾਜਪਾ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਮਾਇਆਵਤੀ ਨੇ ਕਿਹਾ ਕਿ ਜਦੋਂ ਤੋਂ ਕੇਦਰ ਅਤੇ ਦੇਸ਼ ਦੇ ਕਈ ਸੁਬਿਆਂ 'ਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਆਰ.ਐਸ.ਐਸ. ਦੇ ਏਜੰਡੇ ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਦਲਿਤ ਲੋਕਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ।
ਮਾਇਆਵਤੀ ਨੇ ਇਸ ਦੌਰਾਨ ਕਿਹਾ ਕਿ ਦਲਿਤਾਂ ਦੇ ਖ਼ਿਲਾਫ਼ ਹੋ ਰਹੀ ਹਿੰਸਾ ਦੇ ਮਾਮਲਿਆਂ 'ਚ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਰਾਜ ਸਭਾ 'ਚ ਦਲਿਤਾਂ ਦੀ ਗੱਲ ਸਹੀ ਢੰਗ ਨਾਲ ਰੱਖਣ ਦਾ ਮੌਕਾ ਨਹੀਂ ਦਿਤਾ ਗਿਆ, ਇਸ ਲਈ ਮੈਂ ਰਾਜ ਸਭਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਬਸਪਾ ਦਾ ਮਕਸਦ ਪੰਜੀਵਾਦੀ ਪਾਰਟੀਆਂ ਨੂੰ ਸੱਤਾ 'ਚ ਆਉਣ ਤੋਂ ਰੋਕਣਾ ਹੈ।