ਪ੍ਰਸ਼ਾਸਨ ਵਲੋਂ ਨਗਰ ਨਿਗਮ ਨੂੰ ਨੋਟੀਫ਼ੀਕੇਸ਼ਨ ਜਾਰੀ

ਚੰਡੀਗੜ੍ਹ, ਚੰਡੀਗੜ੍ਹ

ਚੰਡੀਗੜ੍ਹ, 10 ਨਵੰਬਰ (ਸਰਬਜੀਤ ਢਿੱਲੋਂ) : ਯੂ.ਟੀ. ਪ੍ਰਸ਼ਾਸਨ ਵਲੋਂ ਸੈਕਟਰ-17 'ਸਬ ਸਿਟੀ ਸੈਂਟਰ' 'ਚ ਨਗਰ ਨਿਗਮ ਵਲੋਂ ਵੈਂਡਰ ਐਕਟ ਅਧੀਨ ਬਿਠਾਏ 300 ਦੇ ਕਰੀਬ ਰੇਹੜੀ-ਫੜ੍ਹੀ ਵਾਲਿਆਂ ਨੂੰ ਹੁਣ ਨੋ ਵੈਡਿੰਗ ਜ਼ੋਨ ਸੀਮ ਅਧੀਨ ਉਠਾਉਣ ਲਈ ਫ਼ੈਸਲਾ ਕੀਤਾ ਗਿਆ ਹੈ। ਸੈਕਟਰ-17 ਦੇ ਵਪਾਰੀਆਂ ਵਲੋਂ ਵਿਰੋਧ ਕਰਨ ਤੋਂ ਬਾਅਦ ਯੂ.ਟੀ. ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਗ੍ਰਹਿ ਸਕੱਤਰ ਸਮੇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਸੈਕਟਰ-17 ਨੂੰ ਰੇਹੜੀ-ਫੜ੍ਹੀ ਵਾਲਿਆਂ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਲਈ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਹੈ। ਹੁਣ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨ ਵਲੋਂ ਭੇਜੀ ਨੋਟੀਫ਼ੀਕੇਸ਼ਨ ਦੀ ਕਾਪੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਹਾਈ ਕੋਰਟ ਜਾਣ ਲਈ ਵਕੀਲਾਂ ਦੀ ਫ਼ੀਸ ਦੇਣ ਵਾਸਤੇ ਪੈਸਿਆਂ ਦਾ ਜੁਗਾੜ ਕੀਤਾ ਜਾ ਰਿਹਾ ਹੈ।