ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਕਾਰ ਸ਼ਬਦੀ ਜੰਗ ਚਲਦੀ ਆ ਰਹੀ ਹੈ। ਜਿੱਥੇ ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਕਾਂਗਰਸੀ ਵਿਧਾਇਕ ਦਰਸ਼ਨ ਬਰਾੜ ਨੂੰ ਗੈਂਗਸਟਰ ਦੱਸਿਆ ਸੀ, ਉੱਥੇ ਹੀ ਦਰਸ਼ਨ ਬਰਾੜ ਨੇ ਵੀ ਸੁਖਬੀਰ ਬਾਦਲ ਨੂੰ ਨਸ਼ੇੜੀ ਕਰਾਰ ਦਿੱਤਾ ਸੀ।
ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਉਨ੍ਹਾਂ ਦੇ ਗੈਂਗਸਟਰ ਹੋਣ ਦੇ ਸਬੂਤ ਹਨ ਤਾਂ ਉਹ ਜਨਤਾ ਦੇ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗ਼ਲਤ ਕੰਮਾਂ ਨੂੰ ਉਜਾਗਰ ਕੀਤਾ ਸੀ, ਜਿਸ ਕਰਕੇ ਸੁਖਬੀਰ ਬਾਦਲ ਉਨ੍ਹਾਂ ਖ਼ਿਲਾਫ਼ ਗ਼ਲਤ ਬਿਆਨਬਾਜ਼ੀ ਕਰ ਰਹੇ ਹਨ।