ਸੁਸ਼ਾਂਤ ਖੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਨੇ ਖਾਰਜ ਕੀਤੀ ਸੀਬੀਆਈ ਜਾਂਚ ਦੀ ਮੰਗ

ਏਜੰਸੀ

ਮਨੋਰੰਜਨ, ਬਾਲੀਵੁੱਡ

ਸੁਸ਼ਾਂਤ ਸਿੰਘ ਦੀ ਮੌਤ ਦੇ ਮਾਮਲੇ ਨੂੰ ਮੁੰਬਈ ਪੁਲਿਸ ਕੋਲੋਂ ਲੈ ਕੇ ਸੀਬੀਆਈ ਨੂੰ ਸੌਂਪੇ ਜਾਣ ਦੀ ਮੰਗ ਕਰਨ ਵਾਲੀ ਪੀਆਈਐਲ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ

Supreme Court rejects PIL demanding CBI investigation

ਨਵੀਂ ਦਿੱਲੀ:  ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਨੂੰ ਮੁੰਬਈ ਪੁਲਿਸ ਕੋਲੋਂ ਲੈ ਕੇ ਸੀਬੀਆਈ ਨੂੰ ਸੌਂਪੇ ਜਾਣ ਦੀ ਮੰਗ ਕਰਨ ਵਾਲੀ ਪੀਆਈਐਲ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਮੁੰਬਈ ਪੁਲਿਸ ਨੂੰ ਅਪਣਾ ਕੰਮ ਕਰਨ ਦੇਣਾ ਚਾਹੀਦਾ ਹੈ।

ਚੀਫ਼ ਜਸਟਿਸ ਐਸਏ ਬੋਬੜੇ, ਜਸਟਿਸ ਏ ਐਸ ਬੋਪਨਾ ਅਤੇ ਰਾਮਾ ਸੁਬਰਾਮਨੀਅਮ ਦੀ ਬੈਂਚ ਨੇ ਕਿਹਾ, ‘ਮੁੰਬਈ ਪੁਲਿਸ ਨੂੰ ਉਸ ਦਾ ਕੰਮ ਕਰਨ ਦੇਣਾ ਚਾਹੀਦਾ ਹੈ ਅਤੇ ਜੇਕਰ ਕੁਝ ਹੈ ਤਾਂ ਫਿਰ ਮੁੰਬਈ ਹਾਈ ਕੋਰਟ ਵਿਚ ਪਟੀਸ਼ਨ ਦਰਜ ਕੀਤੀ ਜਾਣੀ ਚਾਹੀਦੀ ਹੈ’। ਅਲਕਾ ਪ੍ਰੀਆ ਵੱਲੋਂ ਸੁਪਰੀਮ ਕੋਰਟ ਵਿਚ ਦਰਜ ਕੀਤੀ ਗਈ ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਸੁਸ਼ਾਂਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ, ‘ਜੇਕਰ ਤੁਹਾਡੇ ਕੋਲ ਕੋਈ ਠੋਸ ਸਬੂਤ ਹੈ ਤਾਂ ਫਿਰ ਮੁੰਬਈ ਹਾਈ ਕੋਰਟ ਜਾਓ’।  ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਅਪਣੇ ਮੁੰਬਈ ਸਥਿਤ ਘਰ ਵਿਖੇ ਆਤਮ ਹੱਤਿਆ ਕਰ ਲਈ ਸੀ। ਇਸ ਤੋਂ ਬਾਅਦ ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਮਾਮਲੇ ਵਿਚ ਮੁੰਬਈ ਪੁਲਿਸ ਨੇ ਮਹੇਸ਼ ਭੱਟ, ਕਰਨ ਜੌਹਰ ਦੇ ਸੀਈਓ ਸਮੇਤ ਕਈ ਮਸ਼ਹੂਰ ਹਸਤੀਆਂ ਦੇ ਬਿਆਨ ਦਰਜ ਕੀਤੇ ਹਨ। ਉੱਥੇ ਹੀ ਆਉਣ ਵਾਲੇ ਦਿਨਾਂ ਵਿਚ ਹੋਰ ਅਦਾਕਾਰ-ਅਦਾਕਾਰਾਂ ਕੋਲੋਂ ਪੁੱਛਗਿੱਛ ਹੋ ਸਕਦੀ ਹੈ। ਦੇਸ਼ ਭਰ ਵਿਚ ਸੁਸ਼ਾਂਤ ਸਿੰਘ ਦੇ ਫੈਨਜ਼ ਉਹਨਾਂ ਦੀ ਮੌਤ ਦੇ ਮਾਮਲੇ ਵਿਚ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵੀ ਮਾਮਲੇ ਨੂੰ ਸੀਬੀਆਈ ਨੂੰ ਸੌਂਪਣ ਦੀ ਮੰਗ ਕਰ ਚੁੱਕੇ ਹਨ। 

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ਵਿਚ ਉਹਨਾਂ ਦੇ ਪਿਤਾ ਕੇਕੇ ਸਿੰਘ ਵੱਲੋਂ ਪਟਨਾ ਵਿਚ ਅਦਾਕਾਰਾ ਰਿਆ ਚੱਕਰਵਰਤੀ ਖਿਲਾਫ ਐਫਆਈਆਰ ਦਰਜ ਕਰਵਾਏ ਜਾਣ ਤੋਂ ਬਾਅਦ ਰਿਆ ਨੇ ਵੀ ਸੁਪਰੀਮ ਕੋਰਟ ਵੱਲ ਰੁਖ ਕੀਤਾ ਹੈ। ਰਿਆ ਨੇ ਬੁੱਧਵਾਰ ਨੂੰ ਅਪਣੇ ਵਕੀਲ ਜ਼ਰੀਏ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਰਜ ਕੀਤੀ ਹੈ, ਜਿਸ ਦੇ ਜ਼ਰੀਏ ਉਹਨਾਂ ਨੇ ਜਾਂਚ ਨੂੰ ਬਿਹਾਰ ਤੋਂ ਮੁੰਬਈ ਟ੍ਰਾਂਸਫਰ ਕਰਨ ਦੀ ਮੰਗ ਕੀਤੀ ਹੈ।