ਕਿਸਾਨਾਂ ਦੀ ਮੰਗ ਫਿਰ ਹੋਈ ਪੂਰੀ: ਮਾਨ ਸਰਕਾਰ ਨੇ MSP 'ਤੇ ਮੂੰਗੀ ਦੀ ਖ਼ਰੀਦ ਦੀ 10 ਅਗਸਤ ਤੱਕ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਐਮ.ਐਸ.ਪੀ. ਤੋਂ ਘੱਟ ਉਤੇ ਫਸਲ ਵੇਚਣ ਵਾਲੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼

Date of Moong procurement on MSP extended till August 10

 

ਚੰਡੀਗੜ੍ਹ: ਸੂਬੇ ਭਰ ਦੇ ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) `ਤੇ ਖਰੀਦ ਦੀ ਮਿਤੀ 10 ਅਗਸਤ ਤੱਕ ਵਧਾ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਘੱਟੋ-ਘੱਟ ਸਮਰਥਨ ਮੁੱਲ `ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ 31 ਜੁਲਾਈ ਨੂੰ ਖ਼ਤਮ ਹੋਣੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ਇਸ ਖ਼ਰੀਦ ਸੀਜ਼ਨ ਨੂੰ 10 ਅਗਸਤ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

Bhagwant Mann

ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀ ਫਸਲ ਨਹੀਂ ਵੇਚੀ, ਉਹ ਹੁਣ ਵਧੀ ਤਰੀਕ ਤੱਕ ਇਸ ਨੂੰ ਮੰਡੀਆਂ ਵਿੱਚ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਰਾਜ ਦੀ ਨੋਡਲ ਏਜੰਸੀ ਮਾਰਕਫੈੱਡ ਦੇ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਰਾਮਵੀਰ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੂੰਗੀ ਦੇ ਦਾਣੇ ਦੇ ਸੁੰਗੜਨ ਕਾਰਨ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਉਤੇ ਵੇਚੀ ਗਈ ਮੂੰਗੀ ਦੀ ਫ਼ਸਲ ਲਈ 1000 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ।

Bhagwant Mann

ਉਨ੍ਹਾਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਸਾਰੇ ਮੂੰਗੀ ਕਾਸ਼ਤਕਾਰਾਂ ਨੂੰ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਫ਼ਸਲ ਪਹਿਲਾਂ ਹੀ ਵਪਾਰੀਆਂ ਨੂੰ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕਰ ਚੁੱਕੇ ਹਨ ਕਿ ਸਬੰਧਤ ਕਿਸਾਨਾਂ ਨੂੰ ਇਸ ਰਾਸ਼ੀ ਦੀ ਅਦਾਇਗੀ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ ਨੇ ਸੂਬੇ ਵਿੱਚ 4807 ਮੀਟਰਿਕ ਟਨ ਗਰਮੀਆਂ ਦੀ ਮੂੰਗੀ ਦੀ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ 32.23 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਗਈ ਹੈ, ਜੋ ਕੁੱਲ ਅਦਾਇਗੀ ਦਾ 92.15 ਫੀਸਦੀ ਬਣਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਅਦਾਇਗੀ ਵੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

Moong Farming

ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦੀਆਂ ਮਿਸਾਲੀ ਪਹਿਲਕਦਮੀ ਤਹਿਤ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ `ਤੇ ਕਿਸਾਨਾਂ ਤੋਂ ਸਿੱਧਾ 7275 ਰੁਪਏ ਪ੍ਰਤੀ ਕੁਇੰਟਲ ਤਹਿਤ ਖ਼ਰੀਦ ਸ਼ੁਰੂ ਕੀਤੀ ਸੀ। ਇਸ ਉਪਰਾਲੇ ਨਾਲ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਝੋਨੇ ਦੀ ਕਾਸ਼ਤ ਦੇ ਸਮੇਂ ਦੌਰਾਨ ਔਸਤਨ ਪ੍ਰਤੀ ਏਕੜ ਪੰਜ ਕੁਇੰਟਲ ਝਾੜ ਦੇ ਲਿਹਾਜ਼ ਨਾਲ 36 ਹਜ਼ਾਰ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮੁੱਖ ਮੰਤਰੀ ਵੱਲੋਂ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਬਿਜਾਈ ਕੀਤੀ ਹੈ, ਜਦੋਂ ਕਿ ਪਿਛਲੇ ਸਾਲ ਇਹ 50,000 ਏਕੜ ਰਕਬੇ ਵਿੱਚ ਸੀ।