ਝੋਨੇ ਦੀ ਲਵਾਈ ਇਕ ਹਫ਼ਤਾ ਅਗੇਤੀ ਕਰਨ ਦੀ ਆਗਿਆ ਦੇਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਨੂੰ 13 ਜੂਨ ਤੋਂ ਝੋਨੇ ਦੀ ਲਵਾਈ ਦੀ ਆਗਿਆ ਦਿਤੀ

Capt govt decision to allow sowing of paddy a week ahead of the scheduled June 20

ਖਟਕੜ ਕਲਾਂ : ਮੁਸੀਬਤਾਂ ਵਿਚ ਘਿਰੇ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਵਲ ਤਵੱਜੋਂ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਲਵਾਈ ਲਈ 20 ਜੂਨ ਦੀ ਨਿਰਧਾਰਤ ਤਾਰੀਕ ਤੋਂ ਇਕ ਹਫ਼ਤਾ ਪਹਿਲਾਂ ਝੋਨਾ ਲਾਉਣ ਦੀ ਆਗਿਆ ਦੇਣ ਦੇ ਸੂਬਾ ਸਰਕਾਰ ਦੇ ਫ਼ੈਸਲੇ ਦਾ ਐਲਾਨ ਕੀਤਾ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਦੇ ਹੱਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ 13 ਜੂਨ ਤੋਂ ਝੋਨੇ ਦੀ ਲਵਾਈ ਦੀ ਆਗਿਆ ਦਿਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਇਹ ਐਲਾਨ ਵੀ ਕੀਤਾ ਕਿ ਹਾਲ ਹੀ ਦੇ ਬੇ-ਮੌਸਮੀ ਮੀਂਹ ਦੌਰਾਨ ਅਤੇ ਮੁੱਖ ਲਾਈਨਾਂ ਤੋਂ ਬਿਜਲੀ ਸਪਾਰਕ ਹੋਣ ਨਾਲ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਗ ਜਾਂ ਹੋਰ ਕਾਰਨਾਂ ਨਾਲ ਹੋਏ ਨੁਕਸਾਨ ਦਾ ਉਨ੍ਹਾਂ ਦੇ ਰਾਹਤ ਫ਼ੰਡ ਵਿਚੋਂ ਮੁਆਵਜ਼ਾ ਦਿਤਾ ਜਾਵੇਗਾ।     

ਸ਼ਹੀਦਾਂ ਦੀ ਧਰਤੀ 'ਤੇ ਸੂਬੇ ਤੋਂ ਲੋਕ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਸਾਰੀਆਂ ਪੰਜਾਬੀਆਂ ਦੀ ਯਾਦ ਵਿੱਚ ਇਕ ਯਾਦਗਾਰ ਦਾ ਨਿਰਮਾਣ ਕਰੇਗੀ ਜਿਨ੍ਹਾਂ ਦੇ ਪੰਜਾਬੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵੀ ਬਹੁਤ ਸਾਰੇ ਸ਼ਹੀਦ ਬੇਨਾਮ ਹਨ।

ਕਿਸਾਨਾਂ ਦੇ ਮੁੱਦਿਆ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮੱਰਥਨ ਮੁੱਲ 'ਤੇ ਕੀਮਤ ਕਟੌਤੀ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਉਹ ਉਹ ਖੁਦ ਇਸ ਮੁੱਦੇ ਨੂੰ ਅੱਗੇ ਲਿਜਾਣਗੇ। 

ਬਾਲਾਕੋਟ ਹਵਾਈ ਹਮਲੇ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕਰਨ ਲਈ ਮੋਦੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਸਬੰਧ ਵਿਚ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੀ ਉਹ 1965, 1975, ਕਾਰਗਿਲ ਵੇਲੇ ਸੀ? ਉਨ੍ਹਾਂ ਕਿਹਾ ਕਿ ਉਸ ਸਮੇਂ ਇੰਦਰਾ ਗਾਂਧੀ ਸੀ ਜਿਸ ਨੇ 1971 ਵਿਚ ਪਾਕਿਸਤਾਨ ਦੇ ਦੋ ਟੋਟੇ ਕੀਤੇ ਅਤੇ ਪੂਰਾ ਸਿਹਰਾ ਭਾਰਤੀ ਫ਼ੌਜ ਅਤੇ ਫ਼ੀਲਡ ਮਾਰਸ਼ਲ ਮਾਨਿਕਸ਼ਾਅ ਦੇ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਨੇ ਜਿੱਤ ਦਾ ਸਿਹਰਾ ਫ਼ੌਜ ਦੀ ਬਹਾਦਰੀ ਨੂੰ ਦਿਤਾ ਸੀ ਅਤੇ ਅਜਿਹਾ ਹੀ ਮੋਦੀ ਵਲੋਂ ਹੁਣ ਕੀਤਾ ਜਾਣਾ ਚਾਹੀਦਾ ਸੀ।

Related Stories