5 ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਭੇਜਿਆ ਮੰਗ ਪੱਤਰ
ਵੱਖ-ਵੱਖ ਮੰਗਾਂ 'ਤੇ ਚਰਚਾ ਲਈ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾਉਣ ਦੀ ਕੀਤੀ ਮੰਗ
ਮੁਆਵਜ਼ੇ ਤੇ ਹਾੜੀ ਦੀਆਂ ਫਸਲਾਂ ਦੇ ਨੁਕਸਾਨ ਨੂੰ ਕੌਮੀ ਨੁਕਸਾਨ ਐਲਾਨਣ ਦੀ ਕੀਤੀ ਮੰਗ
ਚੰਡੀਗੜ੍ਹ : ਪੰਜਾਬ ਵਿਚ ਪਈ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ ਜਿਸ ਦੇ ਚਲਦੇ ਭਾਵੇਂ ਕਿ ਸੂਬਾ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ ਪਰ ਕਿਸਾਨ ਯੂਨੀਅਨਾਂ ਇਸ ਤੋਂ ਸੰਤੁਸ਼ਟ ਨਹੀਂ ਹਨ।
ਇਸ ਦੇ ਚਲਦੇ ਹੀ ਹੁਣ ਪੰਜ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਇੱਕ ਚਿੱਠੀ ਲਿਖੀ ਗਈ ਹੈ ਜਿਸ ਵਿਚ ਉਨ੍ਹਾਂ ਨੇ ਵੱਖ-ਵੱਖ ਕਿਸਾਨੀ ਮਸਲਿਆਂ ਦਾ ਜ਼ਿਕਰ ਕੀਤਾ ਹੈ। ਇਸ ਚਿੱਠੀ 'ਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਬਲਬੀਰ ਸਿੰਘ ਰਾਜੇਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਕੰਵਲਪ੍ਰੀਤ ਸਿੰਘ ਪੰਨੂ, ਆਲ ਇੰਡੀਆ ਕਿਸਾਨ ਫੈਡਰੇਸ਼ਨ ਵਲੋਂ ਪ੍ਰੇਮ ਸਿੰਘ ਭੰਗੂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਟਾਂਡਾ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਬੇਅੰਤ ਸਿੰਘ ਨੇ ਹਸਤਾਖ਼ਰ ਕੀਤੇ ਹਨ।
ਉਨ੍ਹਾਂ ਨੇ ਲਿਖਿਆ ਹੈ ਕਿ ਮੀਂਹ ਕਾਰਨ ਨੁਕਸਾਨੀ ਕਿਸਾਨਾਂ ਦੀ ਫਸਲ ਲਈ ਸਰਕਾਰ ਵਲੋਂ ਜੋ ਮੁਆਵਜ਼ਾ ਰਾਸ਼ੀ ਦੇਣ ਦੀ ਗੱਲ ਆਖੀ ਗਈ ਹੈ ਉਹ ਕਾਫੀ ਨਹੀਂ ਹੈ। ਕਿਸਾਨ ਆਗੂਆਂ ਨੇ ਚਿੱਠੀ ਵਿਚ ਲਿਖਿਆ ਹੈ ਕਿ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਲਈ ਕੇਂਦਰ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਕਣਕ ਦੀ ਫਸਲ ਤੇ 50 ਹਜ਼ਾਰ ਪ੍ਰਤੀ ਏਕੜ ਅਤੇ ਹੋਰ ਫਸਲਾਂ 'ਤੇ ਪੂਰਾ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਹਾੜੀ ਦੀਆਂ ਫਸਲਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਨੂੰ ਕੌਮੀ ਨੁਕਸਾਨ ਐਲਾਨ ਕੀਤਾ ਜਾਣਾ ਚਾਹੀਦਾ ਹੈ।
ਅਜਿਹੇ ਹੀ ਹੋਰ ਕਿਰਸਾਨੀ ਮੁੱਦਿਆਂ ਨੂੰ ਧਿਆਨ ਵਿਚ ਰੱਖ ਕੇ ਉਨ੍ਹਾਂ ਇੱਕ ਮਿਲਣੀ ਦੀ ਅਪੀਲ ਕੀਤੀ ਹੈ। ਚਿੱਠੀ ਵਿਚ ਉਨ੍ਹਾਂ ਲਿਖਿਆ ਹੈ ਕਿ ਇਨ੍ਹਾਂ ਕਿਸਾਨੀ ਮਸਲਿਆਂ ਦੇ ਹੱਲ ਲਈ ਚਰਚਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੰਗਾਂ 'ਤੇ ਚਰਚਾ ਲਈ ਪੰਜ ਕਿਸਾਨ ਜਥੇਬੰਦੀਆਂ ਨੂੰ ਖੁੱਲ੍ਹਾ ਸਮਾਂ ਦਿੰਦਿਆਂ ਮੀਟਿੰਗ ਬੁਲਾਈ ਜਾਵੇ।