ਡਿਪਟੀ ਕਮਿਸ਼ਨਰ ਵਲੋਂ ਘਨੌਰ ਅਨਾਜ ਮੰਡੀ ਦਾ ਅਚਾਨਕ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਘਨੌਰ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਅਚਾਨਕ ਦੌਰਾ ਕੀਤਾ।

ghanur

ਪਟਿਆਲਾ (ਬਲਵਿੰਦਰ ਸਿੰਘ ਭੁੱਲਰ): ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਘਨੌਰ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਮੰਡੀਆਂ 'ਚ ਕਣਕ ਦੀ ਆਮਦ ਦੇ 24 ਘੰਟਿਆਂ 'ਚ ਖ਼ਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸ ਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖ਼ਰੀਦੀ ਕਣਕ ਦੀ ਮੰਡੀਆਂ 'ਚੋਂ ਲਿਫ਼ਟਿੰਗ ਵੀ 24 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵੇ। ਘਨੌਰ ਦੀ ਮੰਡੀ 'ਚ ਪਨਗ੍ਰੇਨ, ਮਾਰਕਫੈਡ ਤੇ ਐਫ.ਸੀ.ਆਈ. ਵਲੋਂ ਖ਼ਰੀਦ ਕੀਤੀ ਜਾ ਰਹੀ ਹੈ, ਡਿਪਟੀ ਕਮਿਸ਼ਨਰ ਨੇ ਇਨ੍ਹਾਂ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ 'ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ। 
ਕੁਮਾਰ ਅਮਿਤ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ 'ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਉਨ੍ਹਾਂ ਦਸਿਆ ਕਿ  ਇਸ ਲਈ ਸਬੰਧਤ ਸਬ ਡਵੀਜ਼ਨ ਦੇ ਐਸ.ਡੀ.ਐਮ. ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ ਤੇ ਉਨ੍ਹਾਂ ਦੀ ਅਗਵਾਈ ਹੇਠ ਦੋ-ਦੋ ਅਧਿਕਾਰੀਆਂ ਦੀ ਟੀਮ ਨੂੰ ਹਰ ਮੰਡੀ 'ਤੇ ਤਾਇਨਾਤ ਕੀਤਾ ਗਿਆ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਇਸ ਦੀ ਜਾਣਕਾਰੀ ਉਨ੍ਹਾਂ ਨੂੰ ਦੇ ਸਕਦਾ ਹੈ। ਘਨੌਰ ਮੰਡੀ 'ਚ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਧਰਮ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਤੇ ਸ. ਹਰਵਿੰਦਰ ਸਿੰਘ ਆਦਿ ਸਮੇਤ ਕਿਸਾਨ ਤੇ ਹੋਰ ਮੌਜੂਦ ਸਨ। 
ਇਸੇ ਦੌਰਾਨ ਸ੍ਰੀ ਕੁਮਾਰ ਅਮਿਤ ਨੇ ਹੋਰ ਦਸਿਆ ਕਿ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿਚ ਸਥਾਪਤ 105 ਮੰਡੀਆਂ ਵਿਚੋਂ 57 ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋਈ ਹੈ। ਜਿਨ੍ਹਾਂ ਵਿਚ ਅੱਜ ਤਕ 51670 ਮੀਟਰਿਕ ਟਨ ਕਣਕ ਪੁੱਜੀ ਹੈ ਜਿਸ ਵਿਚੋਂ ਹੁਣ ਤਕ 45529 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। 
ਅੱਜ ਜ਼ਿਲ੍ਹੇ ਵਿਚ 18045 ਮੀਟਰਿਕ ਟਨ ਦੀ ਆਮਦ ਅਤੇ 17918 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦਸਿਆ ਖ਼ਰੀਦ ਕੀਤੀ ਇਸ ਕਣਕ ਵਿਚੋਂ ਹੁਣ ਤਕ ਪਨਗਰੇਨ ਵਲੋਂ 5538 ਮੀਟਰਿਕ ਟਨ, ਮਾਰਕਫੈਡ ਵਲੋਂ 13171 ਮੀਟਰਿਕ ਟਨ, ਪਨਸਪ ਵਲੋਂ 9148 ਮੀਟਰਿਕ ਟਨ, ਵੇਅਰ ਹਾਊਸ ਵਲੋਂ 10640 ਮੀਟਰਿਕ ਟਨ, ਪੰਜਾਬ ਐਗਰੋ ਵਲੋਂ 4402 ਮੀਟਰਿਕ ਟਨ ਅਤੇ ਐਫ.ਸੀ.ਆਈ ਵਲੋਂ 2620 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਜਦ ਕਿ ਵਪਾਰੀਆਂ ਵਲੋਂ ਹੁਣ ਤਕ 10 ਮੀਟਰਿਕ ਟਨ ਕਣਕ ਖ਼ਰੀਦੀ ਗਈ ਹੈ।