ਖੇਤੀ ਆਰਡੀਨੈਂਸ: ਕਿਸਾਨਾਂ ਦਾ ਪ੍ਰਦਰਸ਼ਨ, ਜਾਮ ਲਗਾ ਕੇ ਸਰਕਾਰ ਵਿਰੁੱਧ ਕੀਤੀ ਜਾ ਰਹੀ ਨਾਅਰੇਬਾਜ਼ੀ
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਵਿਰੁਧ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚ ਗੁੱਸੇ ਦੀ ਲਹਿਰ ਹੈ।
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਵਿਰੁਧ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚ ਗੁੱਸੇ ਦੀ ਲਹਿਰ ਹੈ। ਇਹਨਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਅੱਜ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸ ਦੇ ਚਲਦਿਆਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਵਿਚ ਪੁਲਾਂ ਨੂੰ ਜਾਮ ਕਰਨ ਦੇ ਕੀਤੇ ਐਲਾਨ ਨੂੰ ਲੈ ਕੈ ਰਾਸ਼ਟਰੀ ਮਾਰਗ 54 'ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ ਗਈ। ਮਾਝੇ ਅਤੇ ਮਾਲਵੇ ਨੂੰ ਆਪਸ 'ਚ ਜੋੜਨ ਵਾਲੇ ਹਰੀਕੇ ਹੈੱਡ ਵਰਕਸ ਦੇ ਨੇੜੇ ਬੰਗਾਲੀ ਵਾਲਾ ਪੁਲ 'ਤੇ ਭਾਰੀ ਗਿਣਤੀ ਵਿਚ ਕਿਸਾਨ ਇਕੱਠੇ ਹੋਏ। ਕਿਸਾਨਾਂ ਵੱਲੋਂ ਜਾਮ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਸ ਸੰਘਰਠ ਦੇ ਚਲਦਿਆਂ ਸੂਬੇ ਵਿਚ ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ। ਇਸ ਸੰਘਰਸ਼ ਦੇ ਚਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਰੀਕੇ ਹੈੱਡ, ਬਿਆਸ ਪੁਲ ਤੇ ਟਾਂਡਾ ਹਰਗੋਬਿੰਦਪੁਰ ਪੁਲ ’ਤੇ ਸੰਕੇਤਕ ਰੂਪ ਵਿਚ ਜਾਮ ਲਗਾਏ ਗਏ ਹਨ।
ਇਹਨਾਂ ਆਰਡੀਨੈਂਸਾਂ ਖਿਲਾਫ਼ ਜੰਗ ਵਿਚ ਸਿਆਸੀ ਪਾਰਟੀਆਂ ਵੀ ਉਤਰੀਆਂ ਹਨ। ਦੱਸ ਦਈਏ ਕਿ ਪੰਜਾਬ ਵਿਚ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਸਾਰੀਆਂ ਧਿਰਾਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਡਟੀਆਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਵੀ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ ਹੈ।