ਖੇਤੀ ਆਰਡੀਨੈਂਸਾਂ ਖਿਲ਼ਾਫ਼ 6 ਸੂਬਿਆਂ ਦੇ ਕਿਸਾਨਾਂ ਦਾ ਹੱਲਾ-ਬੋਲ, ਸੰਸਦ ਬਾਹਰ ਪ੍ਰਦਰਸ਼ਨ ਸ਼ੁਰੂ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਪ੍ਰਦਰਸ਼ਨ ਵਿਚ ਪੰਜਾਬ, ਹਰਿਆਣਾ, ਤੇਲੰਗਾਨਾ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਹੋਣਗੇ ਸ਼ਾਮਲ

Farmers protest

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਤੀਜਾ ਦਿਨ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਕਿਸਾਨ ਸੰਗਠਨ ਅੱਜ ਸੰਸਦ ਦਾ ਘਿਰਾਓ ਕਰਨ ਜਾ ਰਹੇ ਹਨ।ਭਾਰਤੀ ਕਿਸਾਨ ਯੂਨੀਅਨ ਤੋਂ ਵੱਡੀ ਗਿਣਤੀ ਵਿਚ ਕਿਸਾਨ ਸੰਸਦ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ। ਇਸ ਵਿਰੋਧ ਪ੍ਰਦਰਸ਼ਨ ਵਿਚ ਪੰਜਾਬ, ਹਰਿਆਣਾ, ਤੇਲੰਗਾਨਾ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ।

ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਂਨ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ ਵਿਚ ਬੁੱਧਵਾਰ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਵੀ ਸੰਸਦ ਵਿਚ ਵੱਡੇ ਪੱਧਰ ‘ਤੇ ਇਹਨਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਬੀਤੇ ਦਿਨ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੇ ਬਾਵਜੂਦ ਸੰਸਦ 'ਚ 'ਜ਼ਰੂਰੀ ਵਸਤਾਂ ਸੋਧ ਬਿੱਲ-2020' ਪਾਸ ਹੋ ਗਿਆ ਹੈ। ਇਸ ਬਿਲ ਦਾ ਕਈ ਸਿਆਸੀ ਪਾਰਟੀਆਂ ਵੱਲੋਂ ਸਖ਼ਤ ਵਿਰੋਧ ਵੀ ਕੀਤਾ ਗਿਆ। ਇਹ ਬਿੱਲ ਉਨ੍ਹਾਂ ਤਿੰਨ ਆਰਡੀਨੈਂਸਾਂ ਵਿਚੋਂ ਇਕ ਹੈ, ਜਿਨ੍ਹਾਂ ਨੂੰ ਪਿਛਲੇ ਦਿਨਾਂ ਦੌਰਾਨ ਕੇਂਦਰ ਸਰਕਾਰ ਨੇ ਜਾਰੀ ਕੀਤਾ ਸੀ।

ਇਹਨਾਂ ਆਰਡੀਨੈਂਸਾਂ ਦੇ ਖਿਲਾਫ਼ ਪੰਜਾਬ, ਹਰਿਆਣਾ ਦੇ ਕਿਸਾਨ ਸੜਕਾਂ 'ਤੇ ਹਨ। ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਹੋਰ ਕਈ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਦੇ ਸਮਰਥਨ ਵਿਚ ਅਜ਼ਾਵ ਬੁਲੰਦ ਕੀਤੀ ਜਾ ਰਹੀ ਹੈ।

ਇਹਨਾਂ ਤੋਂ ਇਲ਼ਾਵਾ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੀ ਕਿਸਾਨਾਂ ਦੇ ਹੱਕ ਵਿਚ ਖੜ੍ਹੀ ਹੋਈ ਹੈ। ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁੱਲੋਂ ਨੇ ਵੀ ਸੈਸ਼ਨ ਦੇ ਪਹਿਲੇ ਦਿਨ ਇਹਨਾਂ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।