ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, ਕਈ ਜ਼ਿਲ੍ਹਿਆ 'ਚ ਕਿਸਾਨਾਂ 'ਤੇ FIR ਦਰਜ  

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਸਰਕਾਰ ਬੇਕਾਰ ਪਰਾਲੀ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੀ ਖਰੀਦ ਰਹੀ ਹੈ

Straw Burning

ਨਵੀਂ ਦਿੱਲੀ - ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਬਿਲਕੁਲ ਨਹੀਂ ਸਾੜਨਾ ਚਾਹੀਦਾ। ਇਸ ਦੇ ਲਈ, ਹਰ ਤਰ੍ਹਾਂ ਦੇ ਨਿਯਮ ਅਤੇ ਕਾਨੂੰਨ ਵੀ ਬਣਾਏ ਗਏ ਹਨ ਪਰ ਇਸ ਦੇ ਬਾਵਜੂਦ ਉੱਤਰ ਪ੍ਰਦੇਸ਼ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ।

ਸਹਾਰਨਪੁਰ, ਸ਼ਾਹਜਹਾਨਪੁਰ, ਮੇਰਠ, ਅਲੀਗੜ ਅਤੇ ਪੀਲੀਭੀਤ ਤੋਂ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਆਰ ਕੇ ਤਿਵਾੜੀ ਨੇ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਐਡਵਾਇਜ਼ਰੀ ਜਾਰੀ ਕੀਤੀ ਸੀ ਜਿਸ ਵਿਚ ਕਿਹਾ ਗਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਰਾਜ ਦੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਇਕ ਆਦੇਸ਼ ਜਾਰੀ ਕੀਤਾ ਗਿਆ, ਜਿਸ ਵਿਚ ਮੁੱਖ ਸਕੱਤਰ ਨੇ ਦੱਸਿਆ ਕਿ ਸੈਟੇਲਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿਚ ਪਰਾਲੀ ਅਜੇ ਵੀ ਸਾੜੀ ਜਾ ਰਹੀ ਹੈ। ਮੁੱਖ ਸਕੱਤਰ ਨੇ ਹਦਾਇਤਾਂ ਦਿੱਤੀਆਂ ਹਨ ਕਿ ਹਾਰਵੈਸਟਸ ਨਾਲ ਕਟਾਈ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਜੇਕਰ ਕੋਈ ਵੀ ਹਾਰਵੈਸਟਰ ਨਾਲ ਕਟਾਈ ਕਰਦਾ ਹੋਇਆ ਮਿਲਿਆ ਤਾਂ ਉਸ ਨੂੰ ਜ਼ਬਤ ਕਰ ਲਿਆ ਜਾਵੇ। ਇਸ ਦੇ ਨਾਲ ਹੀ ਮਾਲ ਵਿਭਾਗ ਦੇ ਕਰਮਚਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਨਜ਼ਰ ਰੱਖਣ ਦੀ ਹਦਾਇਤ ਵੀ ਦਿੱਤੀ ਗਈ ਹੈ।

ਐਡਵਾਇਜ਼ਰੀ ਵਿਚ ਇਹ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਜਿਥੇ ਵੀ ਪਰਾਲੀ ਸਾੜਨ ਨਾਲ ਜੁੜੀ ਘਟਨਾ ਧਿਆਨ ਵਿਚ ਆਉਂਦੀ ਹੈ, ਸਬੰਧਤ ਵਿਅਕਤੀ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇੰਨਾ ਹੀ ਨਹੀਂ, ਪਿੰਡ ਪੱਧਰ 'ਤੇ ਪਿੰਡ ਦੇ ਮੁਖੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਕਾਰਵਾਈ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਹੁਣ ਤੱਕ ਸਹਾਰਨਪੁਰ ਜ਼ਿਲ੍ਹੇ ਵਿਚ ਪਰਾਲੀ ਸਾੜਨ ਵਾਲੇ 13 ਕਿਸਾਨਾਂ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਤੋਂ 47 ਹਜ਼ਾਰ ਰੁਪਏ ਜੁਰਮਾਨਾ ਵੀ ਵਸੂਲਿਆ ਜਾ ਚੁੱਕਾ ਹੈ। ਸਹਾਰਨਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਅਖਿਲੇਸ਼ ਸਿੰਘ ਨੇ ਕਿਹਾ ਕਿ ਸਰਕਾਰ ਬੇਕਾਰ ਪਰਾਲੀ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੀ ਖਰੀਦ ਰਹੀ ਹੈ। ਪੀਲੀਭੀਤ ਵਿਚ ਦੋ ਦਰਜਨ ਕਿਸਾਨਾਂ ਵਿਰੁੱਧ ਪਰਾਲੀ ਸਾੜਨ ਦੇ ਦੋਸ਼ ਵਿੱਚ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ 4 ਟਰੈਕਟਰ ਵੀ ਜ਼ਬਤ ਕੀਤੇ ਗਏ ਹਨ।