ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਲਈ 19.09 ਕਰੋੜ ਦਾ ਮੁਆਵਜ਼ਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਮੁਆਵਜ਼ਾ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਭੇਜੀ

Stubble Burning

ਚੰਡੀਗੜ੍ਹ (ਗੌਰਵ ਸਿੰਘ): ਪੰਜਾਬ ਸਰਕਾਰ ਨੇ ਹੁਣ ਤਕ ਗ਼ੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29343 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੇ ਬਦਲੇ ਲਗਪਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿਤੀ ਹੈ। ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਣ ਦੇ ਰੁਝਾਨ ਦਾ ਤਿਆਗ ਕਰਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਅੱਜ ਇਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਦਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਹੁਣ ਤਕ ਸੌਂਪੀ ਗਈ

ਸੂਚੀ ਮੁਤਾਬਕ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸਿੱਧੇ ਤੌਰ 'ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਅੱਜ ਤਕ 85,000 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 30 ਨਵੰਬਰ, 2019 ਹੈ। ਉਨ੍ਹਾਂ ਕਿਹਾ ਕਿ ਹਰੇਕ ਅਰਜ਼ੀ ਦੀ ਤਸਦੀਕ ਪਿੰਡ ਦੀ ਪੰਚਾਇਤ ਕਰੇਗੀ ਅਤੇ ਉਸ ਤੋਂ ਬਾਅਦ ਮਾਲ ਵਿਭਾਗ ਦੀ ਸਬੰਧਤ ਅਥਾਰਟੀ ਵਲੋਂ ਕੀਤੀ ਜਾਵੇਗੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ

ਕਿ ਗ਼ੈਰ-ਬਾਸਮਤੀ ਦੀ ਕਾਸ਼ਤ ਕਰਨ ਵਾਲੇ ਪੰਜ ਏਕੜ ਤਕ ਦੀ ਮਾਲਕੀ ਵਾਲੇ ਕਿਸਾਨਾਂ ਲਈ ਹੀ ਮੁਆਵਜ਼ੇ ਦੀ ਸਿਫ਼ਾਰਸ਼ ਕੀਤੀ ਜਾ ਸਕੇ। ਸ. ਪੰਨੂ ਨੇ ਚਿਤਾਵਨੀ ਦਿਤੀ ਕਿ ਜੇਕਰ ਕੋਈ ਸਰਪੰਚ ਜਾਂ ਮਾਲ ਅਧਿਕਾਰੀ ਗ਼ਲਤ ਢੰਗ ਨਾਲ ਕਿਸੇ ਅਰਜ਼ੀ ਦੀ ਸਿਫ਼ਾਰਸ਼ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਗਲਤ ਢੰਗ ਨਾਲ ਮੁਆਵਜ਼ਾ ਹਾਸਲ ਕਰਕੇ ਜਨਤਕ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਕਿਸਾਨ ਵਿਰੁੱਧ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।