ਖੇਤੀ ਬਿਲ ਖ਼ਿਲਾਫ਼ ਹੱਥਾਂ ਵਿਚ ਕਿਰਪਾਨਾਂ ਲੈ ਅੰਮ੍ਰਿਤਸਰ, ਰੋਹਤਕ ਵਿਚ ਸੜਕਾਂ ‘ਤੇ ਉਤਰੇ ਕਿਸਾਨ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਨੇ ਸੜਕਾਂ ਜਾਮ ਕਰਕੇ ਰੋਕੀ ਆਵਾਜਾਈ

Farmers in Amritsar protest against Centre over agriculture bills

ਅੰਮ੍ਰਿਤਸਰ: ਲੋਕ ਸਭਾ ਵਿਚ ਦੋ ਕਿਸਾਨ ਬਿਲ ਪਾਸ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚ ਰੋਸ ਵਧ ਗਿਆ ਹੈ। ਇਸ ਦੇ ਚਲਦਿਆਂ ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਹੋਰ ਤੇਜ਼ ਹੋ ਗਈ ਹੈ। ਅੱਜ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਿਸਾਨ ਅਪਣੇ ਹੱਥਾਂ ਵਿਚ ਕਿਰਪਾਨਾਂ ਲੈ ਕੇ ਸੜਕਾਂ ‘ਤੇ ਉਤਰ ਆਏ ਹਨ। ਕਿਸਾਨ ਬਿਲ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰ ਰਹੇ ਹਨ।

ਕਿਸਾਨਾਂ ਵੱਲੋਂ ਸੜਕਾਂ ਜਾਮ ਕਰਕੇ ਆਵਾਜਾਈ ਰੋਕੀ ਜਾ ਰਹੀ ਹੈ। ਇਹਨਾਂ ਕਿਸਾਨ ਖੇਤੀਬਾੜੀ ਬਿਲਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਪੰਜਾਬ ਤੋਂ ਇਲਾਵਾ ਹਰਿਆਣਾ ਤੇ ਹੋਰ ਕਈ ਸੂਬਿਆਂ ਦੇ ਕਿਸਾਨ ਇਹਨਾਂ ਬਿਲਾਂ ਖਿਲਾਫ਼ ਸੜਕਾਂ ‘ਤੇ ਉਤਰੇ ਹਨ। ਰੋਹਤਕ ਵਿਚ ਕਿਸਾਨਾਂ ਨੇ ਸ਼ਨੀਵਾਰ ਨੂੰ ਸੜਕਾਂ ‘ਤੇ ਉਤਰ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਵੇਂ ਬਿਲ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਕਿਸਾਨਾਂ ਦਾ ਕਹਿਣਾ ਹੈ ਕਿ ਨਵੇਂ ਕਾਨੂੰਨ ਲਾਗੂ ਕਰਕੇ ਕੇਂਦਰ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਖਤਮ ਕਰਨਾ ਚਾਹੁੰਦੀ ਹੈ ਅਤੇ ਪ੍ਰਾਈਵੇਟ ਕੰਪਨੀਆਂ ਦੇ ਹੱਥ ਵਿਚ ਕਿਸਾਨ ਨੂੰ ਸੌਂਪਣਾ ਚਾਹੁੰਦੀ ਹੈ। ਰੋਹਤਕ ਮੰਡੀ ਦੇ ਆੜ੍ਹਤੀਆਂ ਨੇ ਵੀ ਇਹਨਾਂ ਬਿਲਾਂ ਖਿਲਾਫ ਅਵਾਜ਼ ਬੁਲੰਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀਬਾੜੀ ਬਿਲਾਂ ਦੇ ਵਿਰੋਧ ਵਿਚ ਦੇਸ਼ ਪੱਧਰ 'ਤੇ ਕਰੀਬ 250 ਕਿਸਾਨ ਜਥੇਬੰਦੀਆਂ ਦੀ ਸਾਂਝੀ 'ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ' 'ਚ ਸ਼ਾਮਲ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ਪੂਰਾ 'ਪੰਜਾਬ-ਬੰਦ' ਕਰਨ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਖੇਤੀਬਾੜੀ ਬਿਲਾਂ ਦਾ ਵਿਰੋਧ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਆਰਡੀਨੈਂਸ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ ਹਨ। ਇਹਨਾਂ ਬਿਲਾਂ ਦੇ ਆਉਣ ਨਾਲ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਵੇਗਾ।