ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ, ਛੱਡੀਆਂ ਪਾਣੀਆਂ ਦੀਆਂ ਬੁਛਾੜਾਂ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ ਅਤੇ ਨਰਿੰਦਰ ਮੋਦੀ ਨੂੰ ਚੋਰ ਦੱਸਿਆ

Farmer Protest

ਨਵੀਂ ਦਿੱਲੀ - ਖੇਤੀ ਬਿੱਲਾਂ ਨੂੰ ਲੈ ਕੇ ਜਿਥੇ ਪੰਜਾਬ ਦੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉਥੇ ਹੀ ਸਿਆਸੀ ਆਗੂ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੂਰਾ ਪੰਜਾਬ ਸੜਕਾਂ 'ਤੇ ਆ ਗਿਆ ਹੈ। ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ 'ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ, ਪਰ ਉਹਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕ ਲਿਆ ਗਿਆ ਹੈ।

ਇਸ ਦੌਰਾਨ ਕਿਸਾਨਾਂ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ ਗਈ। ਉਥੇ ਪੁਲਿਸ ਵੱਲੋਂ ਕਾਂਗਰਸੀ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਕਿਸਾਨਾਂ ਵਿਚ ਬਹੁਤ ਗੁੱਸਾ ਹੈ ਕਿਉਂਕਿ ਖੇਤੀ ਬਿੱਲ ਲੋਕ ਸਭਾ ਵਿਚ ਪਾਸ ਹੋਣ ਬਾਅਦ ਹੁਣ ਰਾਜ ਸਭਾ ਵਿਚ ਵੀ ਪਾਸ ਹੋ ਗਏ ਹਨ।

 

 

ਇਸ ਮੌਕੇ ਕਿਸਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ ਅਤੇ ਨਰਿੰਦਰ ਮੋਦੀ ਨੂੰ ਚੋਰ ਦੱਸਿਆ। ਦੱਸ ਦਈਏ ਕਿ ਪੰਜਾਬ ਯੂਥ ਕਾਂਗਰਸ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨਾਲ ਪੰਜਾਬ ਸਮੇਤ ਖੇਤੀ ਪ੍ਰਧਾਨ ਸਾਰੇ ਸੂਬੇ ਕੰਗਾਲੀ ਦੀ ਕਗਾਰ ਉੱਤੇ ਖੜ੍ਹੇ ਹੋ ਜਾਣਗੇ। ਇਸੇ ਕਾਰਨ ਕਿਸਾਨਾਂ ਦੀ ਆਵਾਜ਼ ਨੂੰ ਚੁੱਕਣ ਦੇ ਮੰਤਵ ਨਾਲ ਪੰਜਾਬ ਯੂਥ ਕਾਂਗਰਸ ਪੰਜਾਬ ਤੋਂ ਦਿੱਲੀ ਤਕ ਟਰੈਕਟਰ ਮਾਰਚ ਕੱਢ ਰਹੀ ਹੈ।

ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਅਰਥਵਿਵਸਥਾ ਨੂੰ ਤਹਿਸ-ਨਹਿਸ ਕਰ ਦਿੱਤਾ ਹੈ ਤੇ ਹੁਣ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ-ਅਕਾਲੀ ਸਰਕਾਰ ਸੱਤਾ ਦੇ ਨਸ਼ੇ 'ਚ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਵੀ ਮੁਨਕਰ ਹੋ ਰਹੀ ਹੈ।

ਦੱਸ ਦਈਏ ਕਿ ਇਸ ਮੌਕੇ ਕਿਸਾਨਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਲਗਾਤਾਰ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਆਗੂਆਂ ਦਾ ਕਹਿਣਾ ਹੈ ਕਿ ਜੋ ਮਰਜ਼ੀ ਹੋ ਜਾਵੇ ਉਹ ਦਿੱਲੀ ਪਹੁੰਚ ਕੇ ਰਹਿਣਗੇ। ਯੂਥ ਕਾਂਗਰਸ ਦੀ ਮੰਗ ਹੈ ਕਿ ਬਿੱਲਾਂ ਨੂੰ ਰੱਦ ਕੀਤਾ ਜਾਵੇ।