ਮੰਗਾਂ ਮੰਨੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ - ਸਰਵਣ ਸਿੰਘ ਪੰਧੇਰ 

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਰੇਲਵੇ ਲਾਈਨਾਂ ’ਤੇ ਲਾਇਆ ਪੱਕਾ ਮੋਰਚਾ

Sarwan Singh Pandher

ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਕੇਂਦਰ ਸਰਕਾਰ ਤੋਂ ਤਿੰਨੇ ਕਾਲੇ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਸੰਬੰਧੀ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਹਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਰੇਲ ਰੋਕੋ ਅੰਦੋਲਨ ਬਿਨ੍ਹਾਂ ਕਿਸੇ ਰੁਕਾਵਟ ਤੋਂ ਲਗਾਤਾਰ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿਚ ਗੁਟਕਾ ਸਾਹਿਬ ਫੜ ਕੇ ਸਹੁੰ ਖਾਧੀ ਸੀ ਕਿ ਪੰਜਾਬ ਵਿਚੋਂ ਨਸ਼ੇ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ ਪਰ ਤਕਰੀਬਨ ਪੰਜ ਸਾਲ ਦਾ ਸਮਾਂ ਬੀਤ ਗਿਆ ਹੈ ਪਰ ਪੰਜਾਬ ਵਿਚ ਨਸ਼ੇ ਦਾ ਕਾਰੋਬਾਰ ਜ਼ੋਰਾਂ ਸ਼ੋਰਾਂ ਨਾਲ ਹੋ ਰਿਹਾ ਹੈ।  ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਧਿਆਪਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਕੁੱਟਿਆ ਜਾ ਰਿਹਾ ਹੈ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤਕ ਪੰਜਾਬ ਸਰਕਾਰ ਆਪਣੇ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਨਹੀਂ ਕਰ ਦਿੰਦੀ ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਸਰਵਣ ਸਿੰਘ ਪੰਧੇਰ ਨੇ ਆਮ ਲੋਕਾਂ ਤੋਂ ਮਾਫੀ ਮੰਗਦੇ ਹੋਏ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਇਸ ਅੰਦੋਲਨ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਵੇਗੀ ਪਰ ਇਸ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਸਿਆਸੀ ਪਾਰਟੀ ਦੇ ਐਲ਼ਾਨ ’ਤੇ ਕਿਸਾਨ ਆਗੂ ਨੇ ਕਿਹਾ ਕਿ ਚੋਣਾਂ ਲੜਨ ਦਾ ਸਾਰਿਆਂ ਨੂੰ ਅਧਿਕਾਰ ਹੈ ਪਰ ਉਹ ਕਿਸੇ ਵੀ ਸਿਆਸੀ ਧਿਰ ਨੂੰ ਸਮਰਥਨ ਨਹੀਂ ਦੇਣਗੇ।