ਛੋਟੇ ਕਿਸਾਨਾਂ ਨੂੰ ਫ਼ਾਰਮ ਭਰਨ ਲਈ ਕਿਹਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

6000 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ 'ਚ ਹੋਵੇਗੀ ਜਮ੍ਹਾਂ

Small Farmers Asked to Fill Out the Form

ਚੰਡੀਗੜ੍ਹ, (ਸਪੋਕਸਮੈਨ ਬਿਊਰੋ) : ਪੰਜ ਏਕੜ ਤਕ ਦੀ ਜ਼ਮੀਨ ਵਾਲੇ ਕਿਸਾਨ ਪਰਵਾਰਾਂ ਦੀ ਮਾਲੀ ਸਹਾਇਤਾ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਨੇ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ' ਦਾ ਐਲਾਨ ਕੀਤਾ ਹੈ ਜਿਸ ਤਹਿਤ ਬਰਾਬਰ ਤਿੰਨ ਕਿਸ਼ਤਾਂ ਵਿਚ ਰਾਸ਼ੀ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾਈ ਜਾਏਗੀ। ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਨੇਪਰੇ ਚਾੜ੍ਹਨ ਲਈ ਖੇਤੀਬਾੜੀ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਨੂੰ ਪਾਰਦਰਸ਼ੀ ਤੇ ਪ੍ਰੇਸ਼ਾਨੀ ਮੁਕਤ ਢੰਗ ਨਾਲ ਲਾਗੂ ਕਰਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਨੂੰ ਨਿਰਦੇਸ਼ ਦਿਤੇ ਹਨ। ਸਰਕਾਰ ਵਲੋਂ ਕਿਸਾਨਾਂ ਨੂੰ ਪਿੰਡ ਪੱਧਰ 'ਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਵਿਚ ਉਪਲਬਧ ਸਵੈ-ਘੋਸ਼ਣਾ ਫ਼ਾਰਮ ਭਰਨ ਲਈ ਕਿਹਾ ਗਿਆ ਹੈ। ਕਿਸਾਨਾਂ ਵਲੋਂ ਭਰੇ ਗਏ ਇਹ ਫ਼ਾਰਮ ਸਹਿਕਾਰੀ ਸਭਾਵਾਂ ਵਲੋਂ ਤਿਆਰ ਕੀਤੇ ਆਈ.ਟੀ ਪੋਰਟਲ ਉਪਰ ਅਪਲੋਡ ਕੀਤੇ ਜਾਣਗੇ। ਇਸ ਮਹੀਨੇ ਦੇ ਅੰਤ ਤਕ ਸਕੀਮ ਦੀ ਪਹਿਲੀ ਕਿਸ਼ਤ ਵਜੋਂ 2000 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੋ ਜਾਵੇਗੀ।
 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੇਤੀਬਾੜੀ ਸਕੱਤਰ ਅਤੇ ਇਸ ਸਕੀਮ ਦੇ ਸੂਬਾਈ ਨੋਡਲ ਅਫ਼ਸਰ ਕੇ.ਐਸ. ਪੰਨੂ ਨੇ ਦਸਿਆ ਕਿ ਇਸ ਸਕੀਮ ਤਹਿਤ ਛੋਟਾ ਪਰਵਾਰ ਜਿਸ ਵਿਚ ਪਤੀ, ਪਤਨੀ ਤੇ 18 ਸਾਲ ਘੱਟ ਉਮਰ ਦੇ ਬੱਚੇ ਹਨ ਅਤੇ ਸਾਂਝੇ ਰੂਪ ਵਿਚ ਪੰਜ ਏਕੜ ਤੋਂ ਵੱਧ ਜ਼ਮੀਨ ਨਹੀਂ ਹੈ, ਨੂੰ ਲਾਭ ਦੇ ਯੋਗ ਮੰਨਿਆ ਜਾਵੇਗਾ।

ਜਿਨ੍ਹਾਂ ਛੋਟੇ ਕਿਸਾਨਾਂ ਦੇ ਪਰਵਾਰ ਦਾ ਕੋਈ ਮੈਂਬਰ ਸਰਕਾਰੀ, ਬੋਰਡ, ਕਾਰਪੋਰੇਸ਼ਨ ਜਾਂ ਕਿਸੇ ਸਵੈ-ਨਿਰਭਰ ਸੰਸਥਾ ਵਿਚ ਨੌਕਰੀ ਕਰ ਰਿਹਾ ਜਾਂ ਸੇਵਾ ਮੁਕਤ ਹੋ ਚੁੱਕਾ ਹੈ, ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਪਰ ਇਹ ਸ਼ਰਤ ਉਨ੍ਹਾਂ ਪਰਵਾਰਾਂ 'ਤੇ ਲਾਗੂ ਨਹੀਂ ਹੁੰਦੀ, ਜਿਨ੍ਹਾਂ ਪਰਵਾਰਾਂ ਦਾ ਕੋਈ ਮੈਂਬਰ ਦਰਜਾ -4 ਦੀ ਨੌਕਰੀ ਕਰਦਾ ਹੈ ਜਾਂ ਸੇਵਾ ਮੁਕਤ ਹੋ ਕੇ 10,000 ਤੋਂ ਘੱਟ ਪੈਨਸ਼ਨ ਲੈ ਰਿਹਾ ਹੈ। ਪੰਜਾਬ ਵਿਚ ਕਰੀਬ 9-10 ਲੱਖ ਕਿਸਾਨਾਂ ਨੂੰ ਇਸ ਸਕੀਮ ਤੋਂ ਲਾਭ ਮਿਲਣ ਦੀ ਆਸ ਹੈ।