ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ, ਡੀਸੀ ਨੂੰ ਸੌਂਪਿਆ ਗਿਆ ਮੰਗ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਮੰਗਾਂ ਨਾ ਮੰਨੇ ਜਾਣ ’ਤੇ ਲਾਇਆ ਜਾਵੇਗਾ ਧਰਨਾ-ਕਿਸਾਨ

Farmers protest in Muktsar Sahib

ਸ੍ਰੀ ਮੁਕਤਸਰ ਸਾਹਿਬ (ਸੋਨੂੰ ਖੇੜਾ): ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚਲਦਿਆਂ ਕਈ ਦਿਨਾਂ ਤੋਂ ਕਿਸਾਨਾਂ ਦੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਵੀ ਦਿੱਤਾ।

ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਸੂਬੇ ਵਿਚ ਪੁਖ਼ਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ ਹਨ ਪਰ ਇਹ ਸਾਰੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਜ਼ਿਲ੍ਹੇ ਦੇ ਕਈ ਪਿੰਡਾਂ ਸ਼ਹਿਰਾਂ ਵਿਚ ਅਜੇ ਤੱਕ ਬਾਰਦਾਨੇ ਦੀ ਭਾਰੀ ਕਮੀ ਆ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਡੀਸੀ ਦਫ਼ਤਰ ਮੁਕਤਸਰ ਦੇ ਨੇੜੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿਚ ਕਿਸਾਨ ਧਰਨੇ ਵਿਚ ਸ਼ਾਮਲ ਹੋਏ।

ਕਿਸਾਨ ਆਗੂਆਂ ਨੇ ਕਿਹਾ ਕਿ ਕਰਜ਼ੇ ਅਤੇ ਕੁਦਰਤੀ ਕਰੋਪੀ ਦੇ ਕਾਰਨ ਸਰਕਾਰ ਵੱਲੋਂ ਕਿਸਾਨਾਂ ਨੂੰ ਸਤਾਇਆ ਜਾ ਰਿਹਾ ਹੈ।  ਜ਼ਿਲ੍ਹੇ ਦੀਆਂ  ਸਾਰੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਬਹੁਤ ਢਿੱਲੀ ਚੱਲ ਰਹੀ ਹੈ ਅਤੇ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ।

ਕਿਸਾਨਾਂ ਨੇ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾਵੇ ਅਤੇ ਮੰਡੀਆਂ ਵਿਚ ਜਲਦੀ ਤੋਂ ਜਲਦੀ ਬਾਰਦਾਨਾ ਪੂਰਾ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਖਰੀਦੀ ਹੋਈ ਕਣਕ ਨੂੰ ਜਲਦੀ ਤੋਂ ਜਲਦੀ ਚੁੱਕਿਆ ਜਾਵੇ ਤਾਂ ਕਿ ਦੂਸਰੇ ਕਿਸਾਨਾਂ ਨੂੰ ਵੀ ਕਣਕ ਰੱਖਣ ਲਈ ਥਾਂ ਮਿਲ ਸਕੇ। ਉਹਨਾਂ ਨੇ ਖ਼ਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟਿਆਂ ਵਿਚ ਕਿਸਾਨਾਂ ਦੇ ਖਾਤਿਆਂ ’ਚ ਪਾਏ ਜਾਣ ਦੀ ਗੱਲ ਕਹੀ।

ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂ ਖੁਸ਼ਵਿੰਦਰ ਸਿੰਘ ਬਾਹਲਾ ਨੇ ਕਿਹਾ ਕਿ ਅਸੀਂ ਧਰਨੇ ਦੇ ਕੇ ਲੋਕਾਂ ਨੂੰ ਤੰਗ ਨਹੀਂ ਕਰਨਾ ਚਾਹੁੰਦੇ ਪਰ ਮੰਡੀਆਂ ਵਿਚ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿਚ ਪੂਰਾ ਬਾਰਦਾਨਾ ਨਹੀਂ ਹੈ।