ਪੰਜਾਬ ਮੰਤਰੀ ਮੰਡਲ ਵੱਲੋਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜ਼ਾਇਜਾ, ਮੁੱਖ ਮੰਤਰੀ ਵੱਲੋਂ ਬਿਨਾਂ...

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਮੰਤਰੀ ਮੰਡਲ ਵੱਲੋਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜ਼ਾਇਜਾ, ਮੁੱਖ ਮੰਤਰੀ ਵੱਲੋਂ ਬਿਨਾਂ ਅੜਚਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ 

Punjab Cabinet

ਚੰਡੀਗੜ : ਪੰਜਾਬ ਮੰਤਰੀ ਮੰਡਲ ਨੇ ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜ਼ਾਇਜਾ ਲਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਬਿਨਾ ਅੜਚਨ ਖਰੀਦ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਜ਼ਾਰੀ ਕੀਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਵਾਰ ਝੋਨੇ ਦੀ ਤਕਰੀਬਨ 200 ਲੱਖ ਮੀਟਰਕ ਟਨ ਖਰੀਦ ਕੀਤੇ ਜਾਣ ਲਈ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਖਰੀਦ ਕਾਰਜਾਂ ਦੀ ਨੋਡਲ ਏਜੰਸੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਬਿਨਾਂ ਅੜਚਨ ਅਤੇ ਤੇਜ਼ੀ ਨਾਲ ਖਰੀਦ ਤੇ ਭੰਡਾਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨਾਂ ਨੇ ਝੋਨੇ ਦਾ ਸਮੇਂ ਸਿਰ ਭੁਗਤਾਨ ਕਰਨ ਅਤੇ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਵੀ ਆਖਿਆ ਹੈ।

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸਾਉਣੀ ਸੀਜ਼ਨ 2018-19 ਦੌਰਾਨ ਝੋਨੇ ਦੀ ਖਰੀਦ ਲਈ ਭਾਰਤ ਸਰਕਾਰ ਵੱਲੋਂ ਝੋਨੇ ਦੀ ਆਮ ਕਿਸਮ (ਕਾਮਨ ਵਰਾਇਟੀ) ਲਈ ਘੱਟੋ-ਘੱਟ ਸਮਰਥਨ ਮੁੱਲ 1750/- ਰੁਪਏ ਅਤੇ ਗਰੇਡ-ਏ ਕਿਸਮ ਲਈ 1770/- ਰੁਪਏ ਪ੍ਰਤੀ ਕਵਿੰਟਲ ਨਿਰਧਾਰਤ ਕੀਤਾ ਹੈ।  ਸਰਕਾਰੀ ਖਰੀਦ ਏਜੰਸੀਆਂ ਪਨਗਰੇਨ, ਮਾਰਕਫੈਡ, ਪਨਸਪ, ਵੇਅਰਹਾਊਸ, ਪੰਜਾਬ ਐਗਰੋ ਅਤੇ ਐਫ.ਸੀ.ਆਈ ਦੁਆਰਾ ਭਾਰਤ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਝੋਨੇ ਦੀ ਖਰੀਦ ਕੀਤੀ ਜਾਵੇਗੀ।

ਸਾਲ 2017-18 ਦੇ ਪਿਛਲੇ ਸਾਉਣੀ ਦੇ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 179.34 ਲੱਖ ਮੀ.ਟਨ ਝੋਨੇ ਦੀ ਖਰੀਦ ਕੀਤੀ ਗਈ ਸੀ ਜਿਸ ਵਿੱਚੋਂ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੁਆਰਾ ਕੁੱਲ 176.61 ਲੱਖ ਮੀਟਰਕ ਟਨ ਅਤੇ ਮਿਲਰਾਂ/ਪ੍ਰਾਈਵੇਟ ਵਪਾਰੀਆਂ ਵੱਲੋਂ ਕੇਵਲ 2.73 ਲੱਖ ਮੀਟਰਕ ਟਨ ਝੋਨਾ ਖਰੀਦੀਆ ਸੀ। ਆਉਣ ਵਾਲੇ ਸਾਉਣੀ ਸੀਜ਼ਨ 2018-19 ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 190 ਲੱਖ ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 10 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾਵੇਗੀ।

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕਰਨ ਲਈ ਕੁੱਲ 40300 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ ਦੀ ਸਰਕਾਰੀ ਖਰੀਦ ਏਜੰਸੀਆਂ ਵਾਸਤੇ ਜ਼ਰੂਰਤ ਹੈ ਅਤੇ ਇਸ ਦਾ ਪ੍ਰਬੰਧ ਸਾਉਣੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰ ਲਿਆ ਜਾਵੇਗਾ। ਸਾਉਣੀ 2018-19 ਦੌਰਾਨ ਝੋਨੇ ਦੀ ਖਰੀਦ ਦਾ ਜ਼ਿਕਰ ਕਰਦੇ ਹੋਏ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ,

ਪੰਜਾਬ ਵੱਲੋਂ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਸਾਉਣੀ ਸੀਜ਼ਨ 2018-19 ਲਈ ਝੋਨੇ ਦੀ ਖਰੀਦ ਵਾਸਤੇ ‘ਦੀ ਪੰਜਾਬ ਕਸਟਮ ਮਿਲਿੰਗ ਆਫ ਪੈਡੀ ਪਾਲਿਸੀ’ ਪਹਿਲਾਂ ਹੀ  ਜਾਰੀ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਨੂੰ ਸਟੋਰ ਕਰਨ ਲਈ ਲੋੜੀਂਦੀਆਂ ਤਰਪਾਲਾਂ ਆਦਿ ਦਾ ਪ੍ਰਬੰਧ ਸਮੇਂ ਸਿਰ ਕਰ ਲਿਆ ਜਾਵੇਗਾ।

ਪੰਜਾਬ ਮੰਡੀ ਬੋਰਡ ਵੱਲੋਂ 1834 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ, ਜਿਸ ਅਨੁਸਾਰ ਖਰੀਦ ਏਜੰਸੀਆਂ ਵਿਚਕਾਰ ਮੰਡੀਆਂ ਦੀ ਅਲਾਟਮੈਂਟ ਸਾਉਣੀ ਸੀਜ਼ਨ 2018-19 ਸ਼ੁਰੂ ਹੋਣ ਤੋਂ ਪਹਿਲਾਂ ਕਰ ਦਿੱਤੀ ਜਾਵੇਗੀ। ਐਫ.ਸੀ.ਆਈ. ਨੇ ਝੋਨੇ ਦੀ ਖਰੀਦ ਕਰਨ ਲਈ ਬਾਰਦਾਨਾ, ਹੋਰ ਸਾਜੋ-ਸਮਾਨ, ਵਿੱਤੀ ਪ੍ਰਬੰਧ ਅਤੇ ਸਟੋਰਜ਼ ਲਈ ਪ੍ਰਬੰਧ ਆਪਣੇ ਪੱਧਰ ’ਤੇ ਕੀਤਾ ਹੈ।