ਮੋਦੀ ਸਰਕਾਰ ਖਿਲਾਫ਼ ਕਿਸਾਨਾਂ ਦਾ ਅੰਦੋਲਨ, ਪੰਜਾਬ-ਹਰਿਆਣਾ ਸਮੇਤ ਇਹਨਾਂ ਸੂਬਿਆਂ ‘ਚ ਚੱਕਾ ਜਾਮ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਭਾਜਪਾ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਹੱਲਾ-ਬੋਲ

Bharat Band by farmers against farm bills

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਬਿਲ ਦੋਵੇਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਭਾਜਪਾ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਹ ਹੋਰ ਵਧ ਗਿਆ ਹੈ। ਵੱਖ-ਵੱਖ ਸੂਬਿਆਂ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਕਈ ਸੂਬਿਆਂ ਵਿਚ ਵੀ ਕਿਸਾਨ ਕੇਂਦਰ ਸਰਕਾਰ ਖਿਲਾਫ਼ ਅੰਦੋਲਨ ਕਰ ਰਹੇ ਹਨ।

ਪੰਜਾਬ ਵਿਚ ਮੁਕੰਮਲ ਬੰਦ

ਖੇਤੀ ਬਿਲਾਂ ਦਾ ਵਿਰੋਧ ਸਭ ਤੋਂ ਜ਼ਿਆਦਾ ਪੰਜਾਬ ਦੇ ਕਿਸਾਨਾਂ ਵਿਚ ਦੇਖਿਆ ਜਾ ਰਿਹਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ, ਕਈ ਥਾਈਂ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ। ਰੋਸ ਵਜੋਂ ਸ਼ਹਿਰਾਂ ਦੇ ਬਜ਼ਾਰ ਵੀ ਬੰਦ ਹਨ। ਕਿਸਾਨਾਂ ਤੋਂ ਇਲਾਵਾ ਹੋਰ ਜਥੇਬੰਦੀਆਂ ਵੱਲੋਂ ਵੀ ਪੰਜਾਬ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਕਿਸਾਨ ਰੇਲ ਪਟੜੀਆਂ ‘ਤੇ ਵੀ ਧਰਨਾ ਦੇ ਰਹੇ ਹਨ।

ਹਰਿਆਣਾ ਵਿਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ

ਪੰਜਾਬ ਤੋਂ ਇਲਾਵਾ ਹਰਿਆਣਾ ਵਿਚ ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਸੰਗਠਨਾਂ ਵੱਲੋਂ ਖੇਤੀ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦਿੱਲੀ-ਹਰਿਆਣਾ ਬਾਡਰ ‘ਤੇ ਵੀ ਪੁਲਿਸ ਵੱਲੋਂ ਸਖਤ ਇੰਤਜ਼ਾਮ ਕੀਤੇ ਗਏ ਹਨ। ਕਿਸਾਨ ਸੰਗਠਨਾਂ ਤੋਂ ਇਲਾਵਾ ਵਿਰੋਧੀ ਧਿਰਾਂ ਵੱਲੋਂ ਵੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਉੱਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਦਾ ਪ੍ਰਦਰਸ਼ਨ

ਉੱਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਵੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਈ। ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਬਿਲਾਂ ਖਿਲਾਫ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਵੱਲੋਂ ਖੇਤੀ ਬਿਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਬਿਹਾਰ ਵਿਚ ਤੇਜਸਵੀ ਯਾਦਵ ਦੀ ਟਰੈਕਟਰ ਰੈਲੀ

ਕਿਸਾਨਾਂ ਦੇ ਪ੍ਰਦਰਸ਼ਨ ਵਿਚ ਸਿਆਸੀ ਪਾਰਟੀਆਂ ਵੀ ਸਮਰਥਨ ਦੇ ਰਹੀਆਂ ਹਨ। ਬਿਹਾਰ ਵਿਚ ਆਰਜੇਡੀ ਨੇਤਾ ਤੇਜਸਵੀ ਯਾਦਵ ਨੇ ਖੇਤੀ ਬਿਲਾਂ ਦੇ ਵਿਰੋਧ ਵਿਚ ਟਰੈਕਟਰ ਰੈਲੀ ਕੱਢੀ। ਖੇਤੀ ਬਿਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਜੇਏਪੀ ਦੇ ਵਰਕਰਾਂ ਨੇ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਅਤੇ ਜੇਏਪੀ ਦੇ ਵਰਕਰਾਂ ਵਿਚਕਾਰ ਝੜਪ ਹੋਈ।

ਕਰਨਾਟਕ ਵਿਚ ਕਿਸਾਨਾਂ ਦਾ ਪ੍ਰਦਰਸ਼ਨ

ਕਰਨਾਟਕ ਰਾਜ ਕਿਸਾਨ ਸੰਘ ਦੇ ਮੈਂਬਰ ਵੀ ਸੰਸਦ ਵਿਚ ਪਾਸ ਕੀਤੇ ਗਏ ਖੇਤੀ ਬਿਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵੱਲੋਂ ਕਰਨਾਟਕ-ਤਮਿਲਨਾਡੂ ਹਾਈਵੇਅ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ ਅਤੇ ਬੰਗਾਲ ਵਿਚ ਵੀ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਿੱਲੀ ਦੇ ਨਾਲ ਲਗਦੇ ਨੋਇਡਾ ਵਿਚ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਨੇ ਦਿੱਲੀ-ਨੋਇਡਾ ਗ੍ਰੇਟਰ ਹਾਈਵੇਅ ਜਾਮ ਕੀਤਾ ਹੈ।