ਕੇਂਦਰ ਸਰਕਾਰ ਵੱਲੋਂ ਪੰਜਾਬ-ਹਰਿਆਣਾ ‘ਚ ਝੋਨੇ ਦੀ ਸਰਕਾਰੀ ਖਰੀਦ ਲਈ ਹੁਕਮ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਖੇਤੀ ਬਿਲਾਂ ਖ਼ਿਲਾਫ਼ ਵਿਰੋਧ ਦੇ ਚਲਦਿਆਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਲਈ ਵੱਡੀ ਖ਼ਬਰ

Paddy

ਨਵੀਂ ਦਿੱਲੀ: ਭਾਜਪਾ ਸਰਕਾਰ ਵੱਲੋਂ ਜਾਰੀ ਖੇਤੀ ਬਿਲਾਂ ਖਿਲਾਫ਼ ਪੰਜਾਬ ਅਤੇ ਹਰਿਆਣਾ ਵਿਚ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਘੱਟੋ-ਘੱਟ ਸਮਰਥਨ ਮੁੱਲ 'ਤੇ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਗਏ।

ਦਰਅਸਲ ਪਹਿਲਾਂ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਹੋਣੀ ਸੀ। ਪਰ ਕੇਂਦਰ ਸਰਕਾਰ ਨੇ ਅੱਜ ਤੋਂ ਹੀ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿਚ ਖੇਤੀ ਬਿਲਾਂ ਖਿਲਾਫ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਵੱਖ-ਵੱਖ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਸਮਾਜਕ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨ ਵਿਰੋਧ ਦੇ ਚਲਦਿਆਂ ਪੰਜਾਬ ਵਿਚ ਕਿਸਾਨਾਂ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦਾ ਕਿਸਾਨਾਂ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ।

ਪੰਜਾਬ ਵਿਚ ਅੱਜ ਵੀ ਕਈ ਥਾਵਾਂ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਜਾਰੀ ਹਨ। ਪੰਜਾਬ ਵਿਚ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ। ਕਿਸਾਨਾਂ ਵੱਲੋਂ ਇਸ ਪ੍ਰਦਰਸ਼ਨ ਨੂੰ 29 ਸਤੰਬਰ ਤੱਕ ਵਧਾ  ਦਿੱਤਾ ਗਿਆ ਹੈ।