ਮੰਗਾਂ ਸਬੰਧੀ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਪ੍ਰਦਰਸ਼ਨ ਦਾ ਸੱਦਾ ਲਿਆ ਵਾਪਸ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਹਾ-ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ 'ਚ ਕਿਸਾਨਾਂ ਲਈ ਕੀਤਾ ਜਾਵੇਗਾ ਐਲਾਨ

Sugarcane Farmers withdrew the call for protest

 

ਜਲੰਧਰ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਵਾਪਸ ਲੈ ਲਿਆ ਹੈ। ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਅਕਤੂਬਰ 2022 ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਅਧਿਕਾਰਤ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੋਰਨਾਂ ਤੋਂ ਇਲਾਵਾ ਫ਼ਸਲ ਦੇ ਭਾਅ ਸਮੇਤ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਖੁਦ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਬਾਰੇ ਐਲਾਨ ਕਰਨਗੇ।

ਸੂਬੇ ਦੇ ਕਿਸਾਨਾਂ ਨੂੰ ਸਭ ਤੋਂ ਪਹਿਲੀ ਤਰਜੀਹ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ ਵਿਸਥਾਰਤ ਕਾਰਜਵਿਧੀ ਵਿਕਸਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ, ਜਿੱਥੇ ਗੰਨਾ ਉਤਪਾਦਕਾਂ ਨੂੰ 14 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੀ ਅਦਾਇਗੀ ਕੀਤੀ ਜਾਵੇਗੀ। ਇਸੇ ਤਰ੍ਹਾਂ ਸਾਰੀਆਂ ਖੰਡ ਮਿੱਲਾਂ 15 ਨਵੰਬਰ ਤੋਂ ਪਹਿਲਾਂ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਇਹ ਵੀ ਦੱਸਿਆ ਕਿ ਭੋਗਪੁਰ ਸ਼ੂਗਰ ਮਿੱਲ ਦਾ ਮੁੱਦਾ ਵੀ ਵਿਚਾਰ ਅਧੀਨ ਹੈ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਤੱਕ ਚਾਲੂ ਕਰ ਦਿੱਤਾ ਜਾਵੇਗਾ। ਫਗਵਾੜਾ ਸ਼ੂਗਰ ਮਿੱਲ ਨੂੰ ਚਾਲੂ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।

ਪਰਾਲੀ ਸਾੜਨ ਦੇ ਮੁੱਦੇ 'ਤੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਦੇ ਰੁਝਾਨ ਨੂੰ ਘੱਟ ਤੋਂ ਘੱਟ ਕਰਨ ਲਈ ਹਰ ਲੋੜੀਂਦੀ ਮਸ਼ੀਨਰੀ ਅਤੇ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਵੱਡਾ ਖਤਰਾ ਹੈ। ਉਨ੍ਹਾਂ ਕਿਸਾਨਾਂ ਨੂੰ ਰਾਜ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।  150 ਕਰੋੜ ਦੇ ਕਥਿਤ ਖੇਤੀ ਮਸ਼ੀਨਰੀ ਘਪਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।