ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਦਿੱਤੀ ਗਈ ਗੋਟ ਪੌਕਸ ਦੀ ਦਵਾਈ: ਲਾਲਜੀਤ ਸਿੰਘ ਭੁੱਲਰ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਕੈਬਨਿਟ ਮੰਤਰੀ ਨੇ ਵੈਟਰਨਰੀ ਡਾਕਟਰਾਂ ਅਤੇ ਪਸ਼ੂ ਮਾਹਰਾਂ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਿੰਦਾਂਵਾਲਾ, ਨਬੀਪੁਰ ਅਤੇ ਨੌਸ਼ਹਿਰਾ ਪੰਨੂਆਂ ਦਾ ਕੀਤਾ ਦੌਰਾ

Cabinet Minister visited villages of District Tarn Taran along with animal experts

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੰਪੀ ਸਕਿਨ ਪ੍ਰਭਾਵਤ ਖੇਤਰਾਂ ਦੇ ਦੌਰੇ ਕਰਨ ਦੀਆਂ ਹਦਾਇਤਾਂ ਦੇ ਸਨਮੁਖ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵੈਟਰਨਰੀ ਡਾਕਟਰਾਂ ਅਤੇ ਪਸ਼ੂ ਮਾਹਰਾਂ ਸਣੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਿੰਦਾਂਵਾਲਾ, ਨਬੀਪੁਰ ਅਤੇ ਨੌਸ਼ਹਿਰਾ ਪੰਨੂਆਂ ਦਾ ਦੌਰਾ ਕੀਤਾ। ਉਨ੍ਹਾਂ ਜਿਥੇ ਪਸ਼ੂ ਪਾਲਣ ਵਿਭਾਗ ਵੱਲੋਂ ਅਰੰਭੇ ਗਏ ਰਾਹਤ ਤੇ ਜਾਗਰੂਕਤਾ ਕਾਰਜਾਂ ਦੀ ਜਾਣਕਾਰੀ ਲਈ, ਉਥੇ ਪਿੰਡਾਂ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਕੈਬਨਿਟ ਮੰਤਰੀ ਪਿਛਲੇ ਹਫਤੇ ਤੋਂ ਸੂਬੇ ਦੇ ਵੱਖ-ਵੱਖ ਪ੍ਰਭਾਵਤ ਪਿੰਡਾਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

Cabinet Minister visited villages of District Tarn Taran along with animal experts

ਇਸੇ ਦੌਰਾਨ ਪੱਤਰਕਾਰਾਂ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦਵਾਈ ਬਿਲਕੁਲ ਮੁਫ਼ਤ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗੋਟ ਪੌਕਸ ਦੀਆਂ 2 ਲੱਖ 33 ਹਜ਼ਾਰ ਤੋਂ ਵੱਧ ਡੋਜ਼ਿਜ਼ ਦੋ ਪੜਾਵਾਂ ਵਿੱਚ ਸੂਬੇ ਵਿੱਚ ਪਹੁੰਚ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਅਹਿਮਦਾਬਾਦ ਤੋਂ ਲਿਆਂਦੀ ਗਈ 1,67,000 ਡੋਜ਼ਿਜ਼ ਦੀ ਦੂਜੀ ਖੇਪ ਨੂੰ ਸਮੂਹ ਜ਼ਿਲ੍ਹਿਆਂ ਅਤੇ ਪ੍ਰਭਾਵਤ ਖੇਤਰਾਂ ਵਿੱਚ ਵੰਡ ਦਿੱਤਾ ਗਿਆ ਹੈ।

Cabinet Minister visited villages of District Tarn Taran along with animal experts

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਜੁਟੇ ਡਿਪਟੀ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਵਾਈ ਸਬੰਧੀ ਹੋਰ ਲੋੜ ਬਾਰੇ ਤੁਰੰਤ ਮੁੱਖ ਦਫ਼ਤਰ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਟੀਕਾਕਰਨ ਵਿੱਚ ਕੋਈ ਰੁਕਾਵਟ ਨਾ ਆਵੇ। ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀਆਂ 673 ਟੀਮਾਂ ਬਣਾਈਆਂ ਗਈਆਂ ਹਨ, ਜੋ ਨਿਰੰਤਰ ਗੋਟ ਪੌਕਸ ਦਵਾਈ ਦੇ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਵਿੱਚ ਜੁਟੀਆਂ ਹੋਈਆਂ ਹਨ।

Cabinet Minister visited villages of District Tarn Taran along with animal experts

ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਮੁਲਾਜ਼ਮ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੇ ਹਨ ਜਿਸ ਅਨੁਸਾਰ ਪ੍ਰਭਾਵਤ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕਰਨਾ, ਪ੍ਰਭਾਵਤ ਪਸ਼ੂਆਂ ਦੀ ਆਵਾਜਾਈ ਰੋਕਣਾ ਅਤੇ ਵਾਇਰਸ ਨੂੰ ਕਾਬੂ ਕਰਨ ਲਈ ਦਵਾਈ ਦਾ ਛਿੜਕਾਅ ਆਦਿ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਬੀਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਜਾਗਰੂਕਤਾ ਕੈਂਪਾਂ, ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।