ਬੱਕਰੀ ਪਾਲਣ ਦਾ ਕਿੱਤਾ ਕਿਸਾਨਾਂ ਲਈ ਬਣ ਸਕਦੈ ਵੱਧ ਆਮਦਨ ਦਾ ਸਰੋਤ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਸਹਾਇਕ ਧੰਦੇ

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਦੇ ਕਿਸਾਨਾਂ...

Got Farming

ਕਲ਼ਾਨੋਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਮਦਨ ਵਧਾਉਣ ਲਈ ਖੇਤੀਬਾੜੀ ਦੇ ਨਾਲ ਕੋਈ ਨਾ ਕੋਈ ਸਹਾਇਕ ਕਿੱਤਾ ਜਰੂਰ ਅਪਨਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਲੋੜੀਂਦੀ ਸਿਖਲਾਈ ਸੂਬਾ ਸਰਕਾਰ ਵਲੋਂ ਦਿੱਤੀ ਜਾਵੇਗੀ।

ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੱਕਰੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਬੱਕਰੀ ਦੀ ਬੀਟਲ ਨਸਲ ਬਹੁਤ ਕਾਮਯਾਬ ਨਸਲ ਹੈ ਅਤੇ ਇਸ ਨਸਲ ਦੀਆਂ ਬੱਕਰੀਆਂ ਦੁੱਧ ਅਤੇ ਮੀਟ ਪੈਦਾਵਾਰ ਵਿੱਚ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਬੱਕਰੀ ਪਾਲਣ ਦਾ ਕਿੱਤਾ ਬਹੁਤ ਲਾਹੇਵੰਦਾ ਹੈ ਅਤੇ ਇਸਨੂੰ ਅਸਾਨੀ ਨਾਲ ਸ਼ੁਰੂ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਦੇ 1000 ਕਿਸਾਨਾਂ ਨੂੰ ਬੱਕਰੀ ਪਾਲਣ ਦਾ ਕਿੱਤਾ ਸ਼ੁਰੂ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਕਰੀ ਪਾਲਣ ਸ਼ੁਰੂ ਕਰਨ ਵਾਲੇ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ ਬੈਂਕਾਂ ਤੋਂ ਉਨ੍ਹਾਂ ਨੂੰ ਕਰਜ਼ਾ ਵੀ ਦਿਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਬੱਕਰੀ ਪਾਲਣ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਆਬੋ-ਹਵਾ ਬਿਲਕੁਲ ਅਨੁਕੂਲ ਹੈ ਅਤੇ ਬੱਕਰੀ ਪਾਲਣ ਕਿੱਤਾ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲਾਂ ਵੀ ਕੁਝ ਕਿਸਾਨ ਬੱਕਰੀ ਪਾਲਣ ਦਾ ਕਿੱਤਾ ਕਰ ਰਹੇ ਹਨ ਅਤੇ ਉਨ੍ਹਾਂ ਨੇ ਇਸ ਖੇਤਰ ਵਿੱਚ ਚੰਗੇ ਮੁਕਾਮ ਹਾਸਲ ਕੀਤੇ ਹਨ।

ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਜੇਕਰ ਕੋਈ ਕਿਸਾਨ ਬੱਕਰੀ ਪਾਲਣ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਰ ਤਰਾਂ ਦੀ ਸਹਾਇਤਾ ਦਿੱਤੀ ਜਾਵੇਗੀ।