ਕਿਸਾਨਾਂ ਦੀ ਸੁਰੱਖਿਆ ਲਈ ਕਣਕ ਦੀ ਖਰੀਦ ਸਬੰਧੀ ਕੀਤੀ ਜਾਵੇ ਤਬਦੀਲੀ: ਸੁਖਬੀਰ ਬਾਦਲ
ਉਹਨਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਕਣਕ ਦਾ ਪ੍ਰਬੰਧ ਕਰਨ ਤੋਂ ਬਾਅਦ ਕਣਕ ਦੀ ਇਸ ਢੰਗ ਨਾਲ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਉਹ ਕਣਕ ਖਰੀਦਣ ਸਬੰਧੀ ਤਬਦੀਲੀ ਕਰਨ ਜਿਸ ਨਾਲ ਕਿਸਾਨ ਗਰੁੱਪਾਂ ਵਿਚ ਮੰਡੀਆਂ ਵਿਚ ਜਾ ਸਕਣ। ਇਸ ਤੋਂ ਇਲਾਵਾ ਲੱਖਾਂ ਗਰੀਬਾਂ ਨੂੰ ਭੁੱਖ ਤੋਂ ਬਚਾਉਣ ਲਈ ਪੰਜਾਬ ਵਿਚ ਫੂਡ ਸਪਲਾਈ ਲਈ ਵੀ ਠੋਸ ਕਦਮ ਚੁੱਕੇ ਜਾਣ।
ਇਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਕੋਈ ਹਲ ਕੱਢਣਾ ਚਾਹੀਦਾ ਹੈ। ਉਹਨਾਂ ਬੋਰੀਆਂ ਵੰਡਣ ਦਾ ਪ੍ਰਬੰਧ ਕਰ ਸਕਦੀ ਹੈ ਅਤੇ ਉਹਨਾਂ ਨੂੰ ਅਪਣੇ ਖੇਤਾਂ ਜਾਂ ਘਰਾਂ ਵਿਚ ਕਣਕ ਸਟੋਰ ਕਰਨ ਲਈ ਕਹਿ ਸਕਦੀ ਹੈ।
ਉਹਨਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਕਣਕ ਦਾ ਪ੍ਰਬੰਧ ਕਰਨ ਤੋਂ ਬਾਅਦ ਕਣਕ ਦੀ ਇਸ ਢੰਗ ਨਾਲ ਗਰੁੱਪਾਂ ਵਿਚ ਖਰੀਦ ਕੀਤੀ ਜਾ ਸਕਦੀ ਹੈ ਕਿ ਖਰੀਦ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿਚ ਭੀੜ ਨਾ ਹੋਵੇ। ਸੁਖਬੀਰ ਨੇ ਕਿਹਾ ਕਿ ਅਗਲੇ ਮਹੀਨੇ ਤੋਂ ਕਣਕ ਦੀ ਵਾਢੀ ਸ਼ੁਰੂ ਹੋ ਜਾਵੇਗੀ ਤਾਂ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਕਿਹਾ ਕਿ ਰਾਜ ਵਿਚ ਮਜ਼ਦੂਰਾਂ ਅਤੇ ਕੰਬਾਇਨ ਹਾਰਵੈਸਟਰਾਂ ਦੀ ਬਹੁਤ ਜ਼ਿਆਦਾ ਕਮੀ ਹੈ ਜਿਹਨਾਂ ਵਿਚੋਂ ਬਹੁਤ ਸਾਰੇ ਰਾਜ ਤੋਂ ਬਾਹਰ ਹੀ ਫਸ ਚੁੱਕੇ ਹਨ।
ਉਹਨਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਤੁਰੰਤ 50 ਰੁਪਏ ਪ੍ਰਤੀ ਕੁਆਇੰਟਲ ਬੋਨਸ ਦਾ ਐਲਾਨ ਕਰਨਾ ਚਾਹੀਦਾ ਹੈ ਜਿਸ ਨਾਲ ਕਣਕ ਦੀ ਵਾਢੀ ਕਰਵਾਉਣ ਸਮੇਂ ਉਹਨਾਂ ਨੂੰ ਮਹਿੰਗੀ ਮਜ਼ਦੂਰੀ ਦੇ ਬੋਝ ਤੋਂ ਛੁਟਕਾਰਾ ਮਿਲ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿਚ ਵਾਢੀ ਦੇ ਸੀਜ਼ਨ ਲਈ ਕੰਬਾਇਨ ਹਾਰਵੈਸਟਰਾਂ ਦੀ ਗਿਣਤੀ ਵਧਾਉਣ ਲਈ ਇਹਨਾਂ ਦੀ ਖਰੀਦ ਤੇ ਸਬਸਿਡੀ ਦਾ ਐਲਾਨ ਕਰਨਾ ਚਾਹੀਦਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਆ ਰਹੀ ਆਲੂ ਦੀ ਫ਼ਸਲ ਦੀ ਖਰੀਦ ਲਈ ਵੀ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ। ਸਰਕਾਰ ਨੂੰ ਇਸ ਫ਼ਸਲ ਦਾ ਵੱਡਾ ਹਿੱਸਾ ਖੁਦ ਖਰੀਦਣਾ ਚਾਹੀਦਾ ਹੈ ਜਿਸ ਨਾਲ ਕਿਸਾਨਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਖਰੀਦੇ ਹੋਏ ਆਲੂਆਂ ਨੂੰ ਗਰੀਬਾਂ ਅਤੇ ਜ਼ਰੂਰਤਮੰਦਾਂ ਨੂੰ ਮੁਫ਼ਤ ਵੰਡਿਆ ਜਾ ਸਕਦਾ ਹੈ। ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਸੂਬੇ ਵਿਚ ਫੂਡ ਸਪਲਾਈ ਦਾ ਖਾਸ ਪ੍ਰਬੰਧ ਕਰਨ ਦੀ ਬੇਨਤੀ ਕੀਤੀ।
ਉਹਨਾਂ ਕਿਹਾ ਕਿ ਰਾਜ ਵਿਚ ਜ਼ਰੂਰੀ ਵਸਤੂਆਂ ਦੀ ਭਾਰੀ ਕਮੀ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਰਿਪੋਰਟ ਵੀ ਆ ਰਹੀ ਹੈ ਕਿ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ ਅਤੇ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਕਾਂ ਨੂੰ ਸਾਰੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਦੀ ਸੂਚੀ ਜਾਰੀ ਕਰਨੀ ਚਾਹੀਦੀ ਹੈ ਅਤੇ ਹੈਲਪਲਾਈਨ ਸਥਾਪਿਤ ਕਰਨੀ ਚਾਹੀਦੀ ਹੈ ਤਾਂ ਕਿ ਸੰਕਟ ਦੇ ਇਸ ਸਮੇਂ ਵਿਚ ਕਿਸੇ ਨੂੰ ਵੀ ਲੁਟਿਆ ਨਾ ਜਾ ਸਕੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।