ਫੂਡ ਸੇਫਟੀ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਵੱਡੇ ਪੱਧਰ ਛਾਪੇ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਖਾਣ-ਪੀਣ

ਫੂਡ ਸੇਫਟੀ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਵੱਡੀ ਕਾਰਵਾਈ ਕਰਦਿਆਂ ਦੁੱਧ ਅਤੇ ਦੁੱਧ ਉਤਪਾਦਾਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਗਈ...

K.S pannu

ਚੰਡੀਗੜ (ਸ.ਸ.ਸ) : ਫੂਡ ਸੇਫਟੀ ਟੀਮਾਂ ਵੱਲੋਂ ਪੰਜਾਬ ਭਰ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਵੱਡੀ ਕਾਰਵਾਈ ਕਰਦਿਆਂ ਦੁੱਧ ਅਤੇ ਦੁੱਧ ਉਤਪਾਦਾਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਗਈ। ਇਨਾਂ ਟੀਮਾਂ ਨੇ ਦੁੱਧ ਤੇ ਦੁੱਧ ਉਤਪਾਦਾਂ ਨਾਲ ਜੁੜੇ ਕਾਰੋਬਾਰੀਆਂ ਤੋਂ 135 ਨਮੂਨੇ ਭਰੇ, ਜਿਸ ਵਿੱਚ ਦੇਸੀ ਘਿਓ, ਦਹੀਂ, ਪਨੀਰ, ਮੱਖਣ, ਖੋਆ, ਲੱਸੀ, ਬਰਫੀ ਅਤੇ ਕਰੀਮ ਸ਼ਾਮਿਲ ਹਨ।  ਇਨਾਂ ਨਮੂਨਿਆਂ ਨੂੰ ਜਾਂਚ ਲਈ ਖਰੜ ਦੀ ਸਟੇਟ ਫੂਡ ਸੇਫਟੀ ਲੈਬਾਰਟਰੀ ਵਿੱਚ ਭੇਜਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਦੇ ਕਮਿਸ਼ਨਰ ਅਤੇ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕੇ.ਐਸ. ਪੰਨੂੰ ਨੇ ਕਿਹਾ

ਕਿ ਪੰਜਾਬ ਸਰਕਾਰ ਵੱਲੋਂ ਖੁਰਾਕੀ ਵਸਤਾਂ ਵਿੱਚ ਮਿਲਾਵਟ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਦੁੱਧ ਤੇ ਦੁੱਧ ਉਤਪਾਦਾਂ ਦਾ ਕਾਰੋਬਾਰ ਚਲਾਉਣ ਵਾਲਿਆਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਪੰਨੂ ਨੇ ਦੁਹਰਾਇਆ ਕਿ ਚੰਗੀ ਗੁਣਵੱਤਾ ਵਾਲੀਆਂ ਖੁਰਾਕੀ ਵਸਤਾਂ ਮੁਹੱਈਆ ਕਰਵਾਉਣਾ ਅਤੇ ਐਫ.ਐਸ.ਐਸ.ਏ.ਆਈ. ਵੱਲੋਂ ਸੁਝਾਏ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨਾਂ ਅੱਗੇ ਕਿਹਾ ਕਿ ਚੰਗੀ ਗੁਣਵੱਤਾ ਵਾਲੀਆਂ ਖੁਰਾਕੀ ਵਸਤਾਂ ਦੇ ਉਤਪਾਦਨ ਤੇ ਵਿਕਰੀ ਨਾਲ ਜੁੜੇ ਲੋਕਾਂ ਦੀ ਜਾਂਚ ਕਰਨ ਦੇ ਨਾਲ ਹੀ ਸਾਫ਼-ਸਫ਼ਾਈ ਯਕੀਨੀ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਦੁੱਧ ਤੇ ਦੁੱਧ ਉਤਪਾਦਾਂ ਦੀ ਨਿਯਮਿਤ ਜਾਂਚ ਦੇ ਨਾਲ-ਨਾਲ ਕਈ ਹੋਰ ਖੁਰਾਕੀ ਵਸਤਾਂ ਜਿਵੇਂ ਫਲਾਂ ਅਤੇ ਮਸਾਲੇ ਆਦਿ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਸ੍ਰੀ ਪੰਨੂ ਨੇ ਖੁਰਾਕੀ ਵਸਤਾਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਮਿਲਾਵਟਖੋਰੀ ਤੋਂ ਵਰਜਦਿਆਂ ਕਿਹਾ ਕਿ ਜੋ ਵਪਾਰੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ, ਉਨਾਂ ਤੇ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰ ਨੇ ਕਿਹਾ ਕਿ ਜਿਨਾਂ ਕਾਰੋਬਾਰੀਆਂ ਦੀਆਂ ਵਸਤਾਂ ਦੇ ਨਮੂਨੇ ਗੁਣਵੱਤਾ ਦੀ ਕਸਵੱਟੀ 'ਤੇ ਖਰੇ ਨਹੀਂ ਉਤਰਨਗੇ, ਉਨਾਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਤਹਿਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਜਿਨਾਂ ਕਾਰੋਬਾਰੀਆਂ ਦੀਆਂ ਖੁਰਾਕੀ ਵਸਤਾਂ ਨਾ ਖਾਣਯੋਗ ਅਤੇ ਅਸੁਰੱਖਿਅਤ ਹੋਣਗੀਆਂ, ਉਨਾਂ ਨੂੰ ਛੇ ਸਾਲ ਤੱਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਨਾਂ ਕਾਰੋਬਾਰੀਆਂ ਦੀਆਂ ਵਸਤਾਂ ਦੇ ਨਮੂਨੇ ਘਟੀਆ ਦਰਜੇ ਦੇ ਪਾਏ ਜਾਣਗੇ, ਉਨਾਂ ਖ਼ਿਲਾਫ਼ ਵਧੀਕ ਡਿਪਟੀ ਕਮਿਸ਼ਨਰ ਪੱਧਰ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ 10 ਲੱਖ ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।

Related Stories