ਪੰਜਾਬ ਸਰਕਾਰ ਵੱਲੋਂ 8 ਹੈਜਾ ਪੀੜਤਾਂ ਦੇ ਹਰੇਕ ਪਰਿਵਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਹੁਸ਼ਿਆਰਪੁਰ ਜ਼ਿਲੇ ਵਿਚ ਹੈਜੇ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 16 ਲੱਖ ਰੁਪਏ ਦੀ...

Cholera

ਚੰਡੀਗੜ (ਸ.ਸ.ਸ) : ਹੁਸ਼ਿਆਰਪੁਰ ਜ਼ਿਲੇ ਵਿਚ ਹੈਜੇ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 16 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ 8 ਹੈਜਾ ਪੀੜਤਾਂ ਦੇ ਹਰੇਕ ਪਰਿਵਾਰ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਦੇ ਖਾਤੇ ਵਿੱਚ 16 ਲੱਖ ਰੁਪਏ ਜਮਾਂ ਕਰਵਾ ਦਿੱਤੇ ਗਏ ਹਨ।

ਤਾਜ਼ਾ ਰਿਪੋਰਟਾਂ ਅਨੁਸਾਰ ਸ੍ਰੀ ਸੁੰਦਰ ਸ਼ਾਮ ਅਰੋੜਾ, ਇੰਡਸਟਰੀਜ਼ ਅਤੇ ਕਾਮਰਸ ਮੰਤਰੀ ਅਤੇ ਸਥਾਨਕ ਵਿਧਾਇਕ ਵੱਲੋਂ ਦੁਖੀ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹੈਜਾ ਦੇ ਫੈਲਾਅ ਤੋਂ ਬਾਅਦ ਹੁਸ਼ਿਆਰਪੁਰ ਵਿਖੇ ਇਸ ਸਾਲ 8 ਵਿਅਕਤੀਆਂ ਦੀ ਮੌਤ ਹੋ ਗਈ । ਉਨਾਂ ਕਿਹਾ ਕਿ ਮਰਨ ਵਾਲਿਆਂ ਦੀ ਸਹੀ ਗਿਣਤੀ ਦਾ ਪਤਾ ਲਗਾਉਣ ਲਈ ਹੁਸ਼ਿਆਰਪੁਰ ਦੇ ਸਿਵਲ ਸਰਜਨ ਨੂੰ ਜਿਲਾ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਹਦਾਇਤ ਕੀਤੀ ਗਈ ਸੀ।

ਉਨਾਂ ਕਿਹਾ ਕਿ ਇਸ ਕਮੇਟੀ ਦੀ ਰਿਪੋਟ ਸਿਹਤ ਵਿਭਾਗ ਕੋਲ ਜਮਾਂ ਕਰਵਾਈ ਗਈ ਜਿਸ ਵਿੱਚ ਇਨਾਂ 8 ਮੌਤਾਂ ਦਾ ਕਾਰਣ ਹੈਜਾ ਦਾ ਫੈਲਾਅ ਦੱਸਿਆ ਗਿਆ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਪੀੜਿਤ ਦੇ ਪਰਿਵਾਰ ਨੂੰ 2 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ। ਸ੍ਰੀ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੀੜਤਾਂ ਦੇ ਪਰਿਵਾਰਾਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਆਵਜਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।