ਲੋਕਾਂ ਨੂੰ ਵਧੀਆ ਸਿਹਤ ਵਿਭਾਗ ਸੇਵਾਵਾਂ ਦੇਣ ਲਈ ਵਚਨਬੱਧ: ਬ੍ਰਹਮ ਮਹਿੰਦਰਾ

ਜੀਵਨ ਜਾਚ, ਸਿਹਤ

ਐਸ.ਏ.ਐਸ. ਨਗਰ, 25 ਅਕਤੂਬਰ (ਸੁਖਦੀਪ ਸਿੰਘ ਸੋਈ): ਸਿਹਤ ਵਿਭਾਗ ਪੰਜਾਬ ਦੇ ਲੋਕਾਂ ਨੁੰ ਬਿਹਤ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਰਾਜ ਵਿਚ ਸਿਹਤ ਸੰਸਥਾਵਾਂ ਵਿਚ ਡਾਕਟਰਾਂ ਅਤੇ ਹੋਰ ਅਮਲੇ ਦੀ ਘਾਟ ਨੂੰ ਪੂਰਾ ਕਰਨ ਲਈ ਨਵੀਂ ਭਰਤੀ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਐਸ.ਏ.ਐਸ. ਨਗਰ ਦੇ ਫੇਜ਼-7 ਵਿੱਚ ਸਥਿਤ ਗੁਰਦੁਆਰਾ ਬੀਬੀ ਭਾਨੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਉਹ ਅੱਜ ਇੱਥੇ ਅੰਮ੍ਰਿਤ ਕੈਂਸਰ ਫਾਊਂਡੇਸ਼ਨ ਚੰਡੀਗੜ੍ਹ ਵੱਲੋਂ ਵਰਲਡ ਕੈਂਸਰ ਕੇਅਰ ਸੁਸਾਇਟੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਯੋਜਿਤ ਇੱਕ ਕੈਂਸਰ ਜਾਂਚ ਕੈਂਪ ਦਾ ਰਸਮੀ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਸਿਹਤ ਮੰਤਰੀ ਨੇ ਇਸ ਮੌਕੇ ਕੈਂਸਰ ਜਾਂਚ ਕੈਂਪ ਦੇ ਪ੍ਰਬੰਧਕਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਇਹ ਇੱਕ ਵਧੀਆ ਉਪਰਾਲਾ ਹੈ ਅਤੇ ਸਰਕਾਰ ਵੱਲੋਂ ਕੈਂਸਰ ਜਾਗਰੂਕਤਾ ਅਤੇ ਜਾਂਚ ਦੇ ਕੰਮ ਵਿੱਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦੀ ਬਣਦੀ ਮਦਦ ਕੀਤੀ ਜਾਵੇਗ ਅਤੇ ਕੈਂਸਰ ਨੁੰ ਕਾਬੂ ਕਰਨ ਲਈ ਅਜਿਹੇ ਕੈਂਪ ਕਾਫੀ ਹੱਦ ਤੱਕ ਸਹਾਈ ਸਾਬਿਤ ਹੋ ਸਕਦੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਵਿੱਚ ਬਠਿੰਡਾ ਵਿਖੇ ਅਡਵਾਂਸ ਕੈਂਸਰ ਕੇਅਰ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਇਹਨਾਂ ਸੰਸਥਾਵਾਂ ਨੂੰ ਵੀ ਚਾਹੀਦਾ ਹੈ ਕਿ ਉਹ ਸ਼ਹਿਰਾਂ ਦੇ ਨਾਲ ਨਾਲ ਅੰਦਰੂਨੀ ਖੇਤਰਾਂ (ਖਾਸ ਕਰ ਮਾਲਵਾ ਪੱਟੀ ਜਿੱਥੇ ਇਸ ਬਿਮਾਰੀ ਦਾ ਕਰੋਪ ਵੱਧ ਹੈ) ਵਿੱਚ ਅਜਿਹੇ ਵੱਧ ਤੋਂ ਵੱਧ ਕੈਂਪ ਆਯੋਜਿਤ ਕਰਨੇ ਚਾਹੀਦੇ ਹਨ। ਸਿਹਤ ਵਿਭਾਗ ਵਿੱਚ ਚਲ ਰਹੀ ਡਾਕਟਰਾਂ ਦੀ ਘਾਟ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਮਹਿੰਦਰਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਡਾਕਟਰਾਂ ਦੀ ਭਰਤੀ ਨਾ ਕੀਤੇ ਜਾਣ ਕਾਰਨ ਇਹ ਸਮੱਸਿਆ ਆਈ ਹੈ ਅਤੇ ਹੁਣ ਕਾਂਗਰਸ ਸਰਕਾਰ ਵੱਲੋਂ ਡਾਕਟਰਾਂ ਅਤੇ ਹੋਰ ਸਟਾਫ ਦੀ ਭਰਤੀ ਲਈ ਕਾਰਵਾਈ ਆਰੰਭ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੇਂਡੂ ਖੇਤਰਾਂ ਦੇ ਡਾਕਟਰਾਂ ਦਾ ਸਿਹਤ ਵਿਭਾਗ ਵਿੱਚ ਮਰਜਰ ਕੀਤਾ ਜਾਵੇ ਅਤੇ ਅਜਿਹਾ ਕਰਨ ਨਾਲ ਸਿਹਤ ਵਿਭਾਗ ਕੋਲ 800 ਹੋਰ ਡਾਕਟਰ ਉਪਲਬਧ ਹੋ ਜਾਣਗੇ। ਜਿਹਨਾਂ ਨੂੰ ਵੱਖ ਵੱਖ ਡਿਸਪੈਂਸਰੀਆਂ ਵਿੱਚ ਤੈਨਾਤ ਕੀਤਾ ਜਾ ਸਕੇਗਾ।