ਜੀਰੀ ਦੇ ਨਾੜ ਨੂੰ ਅੱਗ ਲਗਾਉਣ ਦੇ ਦੋਸ਼ 'ਚ 6 ਕਿਸਾਨਾਂ ਵਿਰੁਧ ਕੇਸ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਇਨ੍ਹਾਂ ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵਲੋਂ ਕੀਤੀ ਜਾ ਗਈ।

Case registered against 6 farmers for fire to Jiri's

ਜ਼ੀਰਕਪੁਰ (ਐਸ ਅਗਨੀਹੋਤਰੀ) : ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ 'ਤੇ ਲਾਈ ਗਈ ਪਾਬੰਦੀ ਦੇ ਬਾਵਜੂਦ ਖੇਤਰ ਦੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ ਹੈ। ਇਸ ਸੰਬੰਧ ਵਿਚ ਜ਼ੀਰਕਪੁਰ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ 6 ਕਿਸਾਨਾਂ ਵਿਰੁਧ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ ਕੀਤੇ ਹਨ।

ਜਾਣਕਾਰੀ ਅਨੁਸਾਰ ਥਾਣਾ ਜ਼ੀਰਕਪੁਰ ਦੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ 6 ਕਿਸਾਨਾਂ ਅੰਕਿਤ ਗੋਡ, ਅਰਪਿਤ ਗੋਡ, ਮਲਕੀਤ ਸਿੰਘ, ਸਰਤਾਜ ਸਿੰਘ, ਅਮਰ ਸਿੰਘ ਵਸੀਆਂਨ ਪਿੰਡ ਸਨੌਲੀ, ਨਗਲਾ, ਗਾਜੀਪੁਰ ਵਿਰੁਧ ਪਰਾਲੀ ਨੂੰ ਅੱਗ ਲਾਉਣ 'ਤੇ ਥਾਣਾ ਜ਼ੀਰਕਪੁਰ 'ਚ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵਲੋਂ ਕੀਤੀ ਜਾ ਗਈ। ਉਨ੍ਹਾਂ ਕਿਹਾ ਕਿ ਕਿਸੇ ਕਥਿਤ ਦੋਸ਼ੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਸ ਸਬੰਧੀ ਐਸ.ਡੀ.ਐਮ. ਡੇਰਾਬੱਸੀ ਕੂਲਦੀਪ ਬਾਵਾ ਨੇ ਦਸਿਆ ਕਿ ਡੀ.ਸੀ. ਮਹਾਲੀ ਦੇ ਹੁਕਮਾਂ ਅਨੁਸਾਰ ਜਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿਤੀ ਹੈ। ਇਹ ਹੁਕਮ 15 ਦਸੰਬਰ ਤੱਕ ਲਾਗੂ ਰਹਿਣਗੇ। ਉਨ੍ਹਾਂ ਦਸਿਆ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿਥੇ ਹਵਾ ਵਿਚ ਪ੍ਰਦੂਸ਼ਣ ਫੈਲਦਾ ਹੈ, ਉਥੇ ਅੱਗ ਲਗਾਉਣ ਨਾਲ ਜਮੀਨ ਵਿਚਲੇ ਜੀਵਕ ਮਾਦਾ (ਮੱਲੜ) ਜੋ ਕਿ ਜਮੀਨ ਦੀ ਸਿਹਤ ਲਈ ਬਹੁਤ ਲਾਭਦਾਇਕ ਹੈ, ਨੂੰ ਵੀ ਭਾਰੀ ਨੁਕਸਾਨ ਪਹੁੰਚਦਾ ਹੈ।

ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ 15 ਦਸੰਬਰ ਤਕ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਨ੍ਹਾਂ ਹੁਕਮਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।