ਪੰਜਾਬ ਏਕਤਾ ਪਾਰਟੀ ਦੇ ਇਸ ਨੇਤਾ ਨੇ ਭਗਵੰਤ ਮਾਨ ਨੂੰ ਕਹਿ ਦਿੱਤੀ ਵੱਡੀ ਗੱਲ...
ਹਰਪ੍ਰੀਤ ਬਾਜਵਾ ਨੇ ਕਿਹਾ ਕਿ ਇਕ ਸਿਆਸੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਪੱਤਰਕਾਰਾਂ ਨਾਲ ਅਜਿਹਾ ਮਾੜਾ ਸਲੂਕ ਨਹੀਂ ਕਰਨਾ ਚਾਹੀਦਾ ਸੀ
ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਕੀਤੀ ਗਈ ਬਦਸਲੂਕੀ ਅਤੇ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ। ਹਰਪ੍ਰੀਤ ਬਾਜਵਾ ਨੇ ਕਿਹਾ ਕਿ ਇਕ ਸਿਆਸੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਪੱਤਰਕਾਰਾਂ ਨਾਲ ਅਜਿਹਾ ਮਾੜਾ ਸਲੂਕ ਨਹੀਂ ਕਰਨਾ ਚਾਹੀਦਾ ਸੀ।
ਉਹਨਾਂ ਨੇ ਕਿਹਾ ਕਿ ਲੋਕਤੰਤਰ ਦਾ ਚੌਥਾ ਥੰਮ੍ਹ ਮੰਨੇ ਜਾਂਦੇ ਮੀਡੀਆ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਬਹੁਤ ਹੀ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀਆਂ ਅਜਿਹੀਆਂ ਬਚਕਾਨੀਆਂ ਹਰਕਤਾਂ ਅਤੇ ਗਲਤੀਆਂ ਕਾਰਣ ਹੀ ਸੂਬੇ ਵਿਚੋਂ ਆਮ ਆਦਮੀ ਪਾਰਟੀ ਆਪਣੀ ਸਾਖ ਗਵਾ ਚੁੱਕੀ ਹੈ। ਉਹਨਾਂ ਕਿਹਾ ਕਿ ਮੀਡੀਆ 'ਤੇ ਇਸ ਤਰ੍ਹਾਂ ਬੇਵਜ੍ਹਾ ਭੜਕਣ ਦੀ ਬਜਾਏ ਪਾਰਟੀ ਪ੍ਰਧਾਨ ਨੂੰ ਆਪਣੀਆਂ ਕਮੀਆਂ ਦੀ ਸਮੀਖਿਆ ਕਰਨੀ ਚਾਹੀਦੀ ਹੈ।
ਭਗਵੰਤ ਮਾਨ 'ਤੇ ਨਿਸ਼ਾਨਾ ਲਗਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਮੀਡੀਆ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਪਹਿਲਾਂ ਮਾਨ ਦਾ ਡੋਪ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ ਸੀ। ਇਸ ਮੁੱਦੇ ਨੂੰ ਲੈ ਕੇ ਵਿਰੋਧੀਆਂ ਨੇ ਉਹਨਾਂ ਨੂੰ ਨਿਸ਼ਾਨੇ 'ਤੇ ਲਿਆ ਹੋਇਆ ਹੈ।
ਇਸ ਮਾਮਲੇ ਵਿਚ ਪੁਛੇ ਗਏ ਸਵਾਲ ਦੇ ਜਵਾਬ 'ਚ ਭਗਵੰਤ ਮਾਨ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਉਹਨਾਂ ਨੂੰ ਗੁੱਸਾ ਆ ਗਿਆ ਸੀ ਪਰ ਪੱਤਰਕਾਰ ਵਲੋਂ ਪੁੱਛੇ ਗਏ ਸਵਾਲ ਵੀ ਪੂਰੀ ਤਰ੍ਹਾਂ ਸਹੀ ਨਹੀਂ ਸਨ। ਅਕਾਲੀ ਦਲ ਵਲੋਂ ਉਹਨਾਂ ਵਿਰੁਧ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਉਹਨਾਂ ਕਿਹਾ ਕਿ ਅਕਾਲੀ ਦਲ ਜੋ ਮਰਜ਼ੀ ਕਹੀ ਜਾਵੇ, ਮੈਨੂੰ ਕੋਈ ਫ਼ਰਕ ਨਹੀਂ ਪੈਂਦਾ।
ਡੋਪ ਟੈਸਟ ਬਾਰੇ ਅਕਾਲੀ ਦਲ ਦੇ ਹਮਲਿਆਂ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਪਣਾ ਡੋਪ ਟੈਸਟ ਕਰਵਾਉਣ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਦਾ ਡੋਪ ਟੈਸਟ ਕਰਵਾਉਣ 'ਤੇ ਪਤਾ ਨਹੀਂ ਕੀ-ਕੀ ਨਿਕਲੇਗਾ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਵੀ ਕਿਹਾ ਕਿ ਭਗਵੰਤ ਮਾਨ ਨੂੰ ਮੀਡੀਆ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ।