ਨਿਤੀਸ਼ ਕੁਮਾਰ ਨੇ ਪਟਨਾ ਵਿਚ ‘ਪ੍ਰਕਾਸ਼ ਪੁਰਬ’ ਸਮਾਗਮਾਂ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਬਿਹਾਰ

ਸ਼ਰਧਾਲੂਆਂ ਲਈ ਰਿਹਾਇਸ਼ ਅਤੇ ਹੋਰ ਸਹੂਲਤਾਂ ਦਾ ਲਿਆ ਜਾਇਜ਼ਾ

Nitish Kumar reviews arrangements for 'Prakash Purab' celebrations in Patna

ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ’ਚ ਕਰਵਾਏ ਜਾ ਰਹੇ 359ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਮੁਤਾਬਕ ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਰਿਹਾਇਸ਼ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੂਖਮ ਪੱਧਰ ਉਤੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵੀਰਵਾਰ ਨੂੰ ਸ਼ੁਰੂ ਹੋਏ ਜਸ਼ਨ 28 ਦਸੰਬਰ ਤਕ ਜਾਰੀ ਰਹਿਣਗੇ।

ਮੁੱਖ ਮੰਤਰੀ ਨੇ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ‘ਪ੍ਰਕਾਸ਼ ਪੁੰਜ’ ਦਾ ਦੌਰਾ ਕੀਤਾ ਅਤੇ ਇਸ ਦੇ ਸਾਹਮਣੇ ਬਣਾਏ ਜਾ ਰਹੇ ਨਿਗਰਾਨੀ ਟਾਵਰ ਦਾ ਨਿਰੀਖਣ ਕੀਤਾ। ਮੁੱਖ ਮੰਤਰੀ ਦਫ਼ਤਰ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿਤੇ।

ਉਨ੍ਹਾਂ ਕਿਹਾ ਕਿ ਇਕ ਵਾਰ ਪੂਰਾ ਹੋਣ ਤੋਂ ਬਾਅਦ ਇਹ ਟਾਵਰ ਸ਼ਰਧਾਲੂਆਂ ਨੂੰ ‘ਪ੍ਰਕਾਸ਼ ਪੁੰਜ’ ਨੂੰ ਵਧੇਰੇ ਸਪੱਸ਼ਟ ਰੂਪ ਨਾਲ ਵੇਖਣ ਦੇ ਯੋਗ ਬਣਾਏਗਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ‘ਪ੍ਰਕਾਸ਼ ਪੁੰਜ’ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸਰੋਵਰ ਅਤੇ ਸੈਲਾਨੀਆਂ ਦੇ ਬੈਠਣ ਦੇ ਪ੍ਰਬੰਧ ਨਾਲ ਹਰੇ-ਭਰੇ ਅਤੇ ਆਕਰਸ਼ਕ ਸਥਾਨ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਕੁਮਾਰ ਨੇ ਬਾਅਦ ਵਿਚ ਪਟਨਾ ਦੇ ਮਲਸਲਾਮੀ ਵਿਖੇ ਨਵੀਂ ਬਣੀ ਓ.ਪੀ. ਸ਼ਾਹ ਕਮਿਊਨਿਟੀ ਬਿਲਡਿੰਗ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਦਫ਼ਤਰ ਨੇ ਦਸਿਆ ਕਿ ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਅਤੇ ਸਫਾਈ ਅਤੇ ਸੁਰੱਖਿਆ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਮੌਕੇ ਉਤੇ ਮੌਜੂਦ ਸ਼ਰਧਾਲੂਆਂ ਨੇ ਇਮਾਰਤ ਵਿਚ ਕੀਤੇ ਪ੍ਰਬੰਧਾਂ ਲਈ ਕੁਮਾਰ ਦਾ ਧੰਨਵਾਦ ਕੀਤਾ।

ਬਿਹਾਰ ਦੇ ਮੁੱਖ ਮੰਤਰੀ ਨੇ ਕੰਗਨ ਘਾਟ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸ਼ਰਧਾਲੂਆਂ ਲਈ ਬਣਾਏ ਗਏ ‘ਟੈਂਟ ਸਿਟੀ’ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਉਨ੍ਹਾਂ ਨੂੰ ਦਸਿਆ ਕਿ ਇਸ ਥਾਂ ਉਤੇ ਬਹੁਪੱਧਰੀ ਪਾਰਕਿੰਗ ਦੀ ਸਹੂਲਤ ਬਣਾਈ ਜਾਵੇਗੀ।