ਪਟਰੌਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਅਕਾਲੀ ਦਲ (ਡ) ਵੱਲੋਂ ਡੀਸੀ ਨੂੰ ਮੰਗ ਪੱਤਰ ਸੌਂਪਿਆ
ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਪਟਰੌਲ ਅਤੇ ਡੀਜ਼ਲ ‘ਤੇ ਟੈਕਸ ਘਟਾਉਣ ਦੀ ਅਪੀਲ ਕੀਤੀ...
ਚੰਡੀਗੜ੍ਹ: ਜਿਥੇ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਆਮ ਲੋਕ ਪ੍ਰੇਸ਼ਾਨ ਹਨ, ਦੂਜੇ ਪਾਸੇ ਰਾਜਨੀਤਿਕ ਪਾਰਟੀਆਂ ਇਸ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਉਠਾ ਰਹੀਆਂ ਹਨ, ਇਸ ਦੇ ਤਹਿਤ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਰਾਜ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੰਗ ਪੱਤਰ ਦਿੱਤਾ ਗਿਆ।
ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਮੋਗਾ ਦੇ ਇੰਚਾਰਜ ਜਗਰਾਜ ਸਿੰਘ, ਨਿਧੜ ਸਿੰਘ ਬਰਾੜ ਨੇ ਦੱਸਿਆ ਕਿ ਪਟਰੌਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਹਰ ਵਰਗ ਦੇ ਨਾਲ-ਨਾਲ ਆਮ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਪਟਰੌਲ ਅਤੇ ਡੀਜ਼ਲ ‘ਤੇ ਬਹੁਤ ਜ਼ਿਆਦਾ ਟੈਕਸ ਘਟਾਉਣਾ ਚਾਹੀਦਾ ਹੈ ਕਿਉਂਕਿ ਕੱਚੇ ਤੇਲ ਦੀ ਕੀਮਤ ਬਹੁਤ ਘੱਟ ਹੈ।
ਪਰ ਕੇਂਦਰ ਅਤੇ ਪੰਜਾਬ ਸਰਕਾਰ ਇਹ ਟੈਕਸ ਲਗਾ ਕੇ ਮੁਨਾਫਾ ਕਮਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਲੋਕਾਂ ਦੀ ਸੇਵਾ ਕਰਨਾ ਹੈ ਨਾ ਕਿ ਮੁਨਾਫਾ ਕਮਾਉਣਾ। ਉਨ੍ਹਾਂ ਕਿਹਾ ਕਿ ਜੇਕਰ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਨਹੀਂ ਹੋਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।