Chandigarh News : ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Chandigarh News : ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Chandigarh News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਨੂੰ ਬਾਰੇ ਦਸਦਿਆਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ  ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ।

ਮੰਤਰੀ ਨੇ ਕਿਹਾ ਕਿ ਕੈਰੀਅਰ ਅਤੇ ਕਾਉਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਲਈ 3.25 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ਵਿੱਚ 2 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂਬਰੂ ਕਰਵਾ ਕੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ ਪਹਿਲਾਂ ਹੀ 33.44 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਸ. ਬੈਂਸ ਨੇ ਅੱਗੇ ਕਿਹਾ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਲਈ 8.52 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ  ਹੈ ,ਜਿਸ ਵਿੱਚੋਂ 5 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਅਧੀਨ ਸ਼ਹੀਦ ਭਗਤ ਸਿੰਘ ਚੇਅਰ ਸਥਾਪਿਤ ਕੀਤੀ ਗਈ ਸੀ , ਇਸ ਪਹਿਲਕਦਮੀ ਲਈ  1 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ।

(For more news apart from Higher education: Punjab is growing on the path of development with employment opportunities News in Punjabi, stay tuned to Rozana Spokesman)