PU Senate elections ਦੀ ਤਰੀਕ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਅੱਜ ਕੀਤਾ ਜਾਵੇਗਾ ਵੱਡਾ ਪ੍ਰਦਰਸ਼ਨ
ਸੁਰੱਖਿਆ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਕੀਤੇ ਪੁਖਤਾ ਪ੍ਰਬੰਧ
ਚੰਡੀਗੜ੍ਹ : ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਦੀ ਮੰਗ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਜੰਗ ਦਾ ਮੈਦਾਨ ਬਣ ਗਈ ਹੈ। ਵਿਦਿਆਰਥੀਆਂ ਵੱਲੋਂ ਅੱਜ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਸ਼ਾਲ ਇਕੱਠ ਦੀਆਂ ਤਿਆਰੀਆਂ ਐਤਵਾਰ ਨੂੰ ਦਿਨ ਭਰ ਜਾਰੀ ਰਹੀਆਂ।
ਦੂਜੇ ਪਾਸੇ ਚੰਡੀਗੜ੍ਹ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸੋਮਵਾਰ ਸਵੇਰੇ ਕੈਂਪਸ ਦੇ ਤਿੰਨੋਂ ਮੁੱਖ ਗੇਟਾਂ ’ਤੇ ਭਾਰੀ ਪੁਲਿਸ ਤਾਇਨਾਤ ਹੈ ਅਤੇ ਬਿਨਾ ਆਈਡੀ ਕਾਰਡ ਤੋਂ ਕਿਸੇ ਨੂੰ ਵੀ ਕੈਂਪਸ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੇ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਬਿਨਾ ਪਹਿਚਾਣ ਪੱਤਰ ਤੋਂ ਕਿਸੇ ਵੀ ਬਾਹਰੀ ਵਿਅਕਤੀ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਸੈਨੇਟ ਵਿਚ ਸੋਧ ਦੇ ਪ੍ਰਸਤਾਵ ਦੇ ਵਿਰੋਧ ਵਿਚ ਧਰਨਾ ਦੇ ਰਹੇ ਹਨ ਜਦਕਿ ਕੇਂਦਰ ਸਰਕਾਰ ਨੇ ਆਪਣਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ, ਪਰ ਵਿਦਿਆਰਥੀ ਸੈਨੇਟ ਚੋਣਾਂ ਦੀ ਤਰੀਕ ਤੈਅ ਹੋਣ ਤੱਕ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਅੱਜ ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੇ ਚਲਦਿਆਂ ਬੀਤੀ ਦੇਰ ਰਾਤ ਕਾਫ਼ੀ ਹੰਗਾਮਾ ਹੋਇਆ। ਪੰਜਾਬ ਯੂਨੀਵਰਸਿਟੀ ਵਿਚ ਅੱਜ ਸੋਮਵਾਰ ਦਾ ਦਿਨ ਹੰਗਾਮਿਆਂ ਭਰਪੂਰ ਰਹਿਣ ਦੀ ਉਮੀਦ ਹੈ।