Farmers Protest: ਚੰਡੀਗੜ੍ਹ 'ਚ ਧਾਰਾ 144 ਲਾਗੂ, ਕਿਸਾਨਾਂ ਦੇ ਦਿੱਲੀ ਕੂਚ ਕਾਰਨ ਪ੍ਰਸ਼ਾਸਨ ਨੇ ਲਿਆ ਫੈਸਲਾ
ਟਰੈਕਟਰ ਟਰਾਲੀਆਂ 'ਤੇ ਵੀ ਪਾਬੰਦੀ
Farmers Protest: ਚੰਡੀਗੜ੍ਹ - ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤ ਕਦਮ ਚੁੱਕੇ ਹਨ। ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਨੇ ਚੰਡੀਗੜ੍ਹ ਵਿਚ ਅਗਲੇ 60 ਦਿਨਾਂ ਲਈ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਵੱਲੋਂ ਜਾਰੀ ਕੀਤੇ ਗਏ ਹਨ।
ਅਜਿਹੇ 'ਚ ਹੁਣ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਜਲੂਸ ਕੱਢਣ, ਪ੍ਰਦਰਸ਼ਨ ਕਰਨ, ਪੈਦਲ ਜਾਂ ਟਰੈਕਟਰ ਟਰਾਲੀ ਅਤੇ ਹੋਰ ਵਾਹਨਾਂ ਨਾਲ ਮਾਰਚ ਕਰਨ 'ਤੇ ਪਾਬੰਦੀ ਹੈ। ਖਾਸ ਤੌਰ 'ਤੇ ਚੰਡੀਗੜ੍ਹ ਤੋਂ ਬਾਹਰ ਜਾਣ ਵਾਲੇ ਟਰੈਕਟਰਾਂ ਅਤੇ ਟਰਾਲੀਆਂ 'ਤੇ ਪਾਬੰਦੀ ਹੋਵੇਗੀ। ਕੋਈ ਵੀ ਵਿਅਕਤੀ ਡੰਡੇ, ਹਥਿਆਰ ਲੈ ਕੇ ਨਹੀਂ ਜਾ ਸਕੇਗਾ।
ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਜਾਰੀ ਹੁਕਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਖ਼ਿਲਾਫ਼ ਸੀਆਰਪੀਸੀ ਦੀ ਧਾਰਾ 144 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਸਾਰੇ ਲੋਕਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਸਕੇ। ਚੰਡੀਗੜ੍ਹ ਪੁਲੀਸ ਤੇ ਪ੍ਰਸ਼ਾਸਨ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਚਾਹੁੰਦਾ। ਪਰ ਪਹਿਲ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਹੈ। ਨਾਲ ਹੀ ਪ੍ਰਸ਼ਾਸਨ ਲੋਕਾਂ ਨੂੰ ਸਮੇਂ-ਸਮੇਂ 'ਤੇ ਅਪਡੇਟ ਕਰਦਾ ਰਹੇਗਾ। ਇਸ ਦੇ ਨਾਲ ਹੀ ਜੇਕਰ ਰਸਤਾ ਕਿਤੇ ਮੋੜਿਆ ਹੋਇਆ ਹੈ ਤਾਂ ਉਸ ਦਾ ਵੀ ਪਾਲਣ ਕਰੋ।
ਹਾਲ ਹੀ ਵਿਚ ਜਦੋਂ ਦਿੱਲੀ ਵਿਚ ਕਿਸਾਨ ਅੰਦੋਲਨ ਹੋਇਆ ਤਾਂ ਚੰਡੀਗੜ੍ਹ ਵਿਚ ਇਸ ਨੂੰ ਪੂਰਾ ਸਮਰਥਨ ਮਿਲਿਆ। ਸ਼ਾਮ ਨੂੰ ਲੋਕ ਸੜਕਾਂ 'ਤੇ ਖੜ੍ਹੇ ਹੋ ਕੇ ਪ੍ਰਦਰਸ਼ਨ ਕਰਦੇ ਸਨ। ਇਸ ਦੇ ਨਾਲ ਹੀ ਇੱਕ ਸਿੱਖ ਬਜ਼ੁਰਗ ਬਾਪੂ ਲਾਭ ਸਿੰਘ ਨੇ ਮਟਕਾ ਚੌਕ ਵਿਚ ਪੱਕਾ ਮੋਰਚਾ ਲਾਇਆ ਹੋਇਆ ਸੀ। ਇਸ ਤੋਂ ਇਲਾਵਾ ਆਮ ਲੋਕ ਵੀ ਉਨ੍ਹਾਂ ਦੇ ਸਮਰਥਨ ਵਿਚ ਆਏ ਹਨ। ਇਸ ਕਾਰਨ ਪੁਲਿਸ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
(For more Punjabi news apart from 'Farmers Protest stay tuned to Rozana Spokesman)