ਪੁੰਛ ਅਤਿਵਾਦੀ ਹਮਲੇ 'ਤੇ ਚੰਨੀ ਦੀ ਟਿੱਪਣੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ: ਮੁੱਖ ਚੋਣ ਅਧਿਕਾਰੀ ਪੰਜਾਬ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਟਿੱਪਣੀ ਨੇ ਵਿਵਾਦ ਖੜ੍ਹਾ ਕਰ ਦਿੱਤਾ ਸੀ ਅਤੇ ਕਈ ਨੇਤਾਵਾਂ ਨੇ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ ਸੀ।
ਚੰਡੀਗੜ੍ਹ - ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ ਕਿ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਪੁੰਛ ਅਤਿਵਾਦੀ ਹਮਲੇ ਨੂੰ 'ਚੋਣ ਸਟੰਟ' ਦੱਸਣ ਵਾਲੀ ਟਿੱਪਣੀ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਹਮਲੇ 'ਚ ਹਵਾਈ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੇ ਇਸ ਮਾਮਲੇ 'ਤੇ ਅਗਲੇਰੀ ਕਾਰਵਾਈ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਦੀ ਰਿਪੋਰਟ ਅਨੁਸਾਰ ਚੰਨੀ ਦੀ ਟਿੱਪਣੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ’ ਜ਼ਿਕਰਯੋਗ ਹੈ ਕਿ 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫ਼ਲੇ 'ਤੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸ 'ਚ ਇਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਚਾਰ ਹੋਰ ਜ਼ਖਮੀ ਹੋ ਗਏ ਸਨ।
ਭਾਰਤੀ ਹਵਾਈ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ ਬਾਰੇ ਪੱਤਰਕਾਰਾਂ ਦੇ ਸਵਾਲ 'ਤੇ ਚੰਨੀ ਨੇ ਕਿਹਾ ਸੀ ਕਿ ਇਹ ਸਟੰਟ ਹੋ ਰਹੇ ਹਨ, ਹਮਲੇ ਨਹੀਂ ਹੋ ਰਹੇ। ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜਿਤਾਉਣ ਲਈ ਅਜਿਹੇ ਸਟੰਟ ਕੀਤੇ ਜਾਂਦੇ ਹਨ। ਇਸ ਵਿਚ ਕੋਈ ਸੱਚਾਈ ਨਹੀਂ ਹੈ। ’’
ਜਲੰਧਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਜਾਣਦੀ ਹੈ ਕਿ ਲੋਕਾਂ ਦੀ ਜ਼ਿੰਦਗੀ ਅਤੇ ਸਰੀਰ ਨਾਲ ਕਿਵੇਂ ਖੇਡਣਾ ਹੈ। ’’
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਟਿੱਪਣੀ ਨੇ ਵਿਵਾਦ ਖੜ੍ਹਾ ਕਰ ਦਿੱਤਾ ਸੀ ਅਤੇ ਕਈ ਨੇਤਾਵਾਂ ਨੇ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ ਸੀ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੰਨੀ ਦੀ ਟਿੱਪਣੀ ਨੂੰ ਨਿੰਦਣਯੋਗ ਕਰਾਰ ਦਿੱਤਾ ਅਤੇ ਕਾਂਗਰਸ ਲੀਡਰਸ਼ਿਪ ਨੂੰ ਸੈਨਿਕਾਂ ਦਾ ਅਪਮਾਨ ਕਰਨ ਲਈ ਦੇਸ਼ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ। ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਚੰਨੀ ਦੇ ਬਿਆਨ ਨੂੰ ਬੇਤੁਕਾ ਅਤੇ ਸੈਨਿਕਾਂ ਦਾ ਅਪਮਾਨ ਕਰਨ ਵਾਲਾ ਕਰਾਰ ਦਿੱਤਾ।
ਚੰਨੀ ਨੇ ਬਾਅਦ 'ਚ ਕਿਹਾ ਸੀ ਕਿ ਉਨ੍ਹਾਂ ਨੂੰ ਦੇਸ਼ ਦੇ ਜਵਾਨਾਂ 'ਤੇ ਮਾਣ ਹੈ ਪਰ 2019 'ਚ ਪੁਲਵਾਮਾ ਅਤਿਵਾਦੀ ਹਮਲੇ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਸਰਕਾਰ ਇਹ ਪਤਾ ਨਹੀਂ ਲਗਾ ਸਕੀ ਕਿ ਹਮਲਾ ਕਿਸ ਨੇ ਕੀਤਾ।