Chandigarh News : ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ
Chandigarh News : ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ।
ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ ਵਿੱਚ 16 ਹਜ਼ਾਰ ਤੋਂ ਵੱਧ ਕਰਮਚਾਰੀ ਹਨ। ਉਨ੍ਹਾਂ ਜੂਲੀਅਨ ਨੂੰ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਜੂਲੀਅਨ ਨੇ ਇਸ ਪੇਸ਼ਕਸ਼ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੋਹਾਲੀ ਵਿੱਚ ਆਪਣੀਆਂ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀ.ਐਫ.ਐਸ., ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਸਾਰੇ ਉਦਯੋਗਾਂ ਦੇ ਮੋਹਰੀ ਗਾਹਕ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਸੱਚਮੁੱਚ ਭਾਰਤ ਦੇ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ ਅਤੇ ਕਿਹਾ ਕਿ ਟੈਲੀਪਰਫਾਰਮੈਂਸ ਦੁਨੀਆ ਭਰ ਦੇ 100 ਦੇਸ਼ਾਂ ਵਿੱਚ ਪੰਜ ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਬਿਜ਼ਨਸ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਆਲਮੀ ਕੰਪਨੀ ਹੈ। ਭਗਵੰਤ ਸਿੰਘ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਵਿਸਥਾਰ ਦੀਆਂ ਯੋਜਨਾਵਾਂ ਲਈ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟੈਲੀਪਰਫਾਰਮੈਂਸ ਗਰੁੱਪ ਦਾ ਹੋਰ ਵਿਸਤਾਰ ਇੱਕ ਪਾਸੇ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰੇਗਾ।
ਇਸ ਦੌਰਾਨ ਡੇਨੀਅਲ ਜੂਲੀਅਨ ਨੇ ਸੂਬੇ ਵਿੱਚ ਉਨ੍ਹਾਂ ਦੇ ਉੱਦਮ ਨੂੰ ਪੂਰਾ ਸਮਰਥਨ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ 90,000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਟੀ.ਪੀ. ਇੰਡੀਆ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆ ਭਰ ਦੇ ਵੱਖ-ਵੱਖ ਉਦਯੋਗਾਂ ਵਿੱਚ ਦੋ ਸੌ ਤੋਂ ਵੱਧ ਗਾਹਕਾਂ ਨੂੰ ਵਿਸ਼ਵ ਪੱਧਰੀ ਸੀ.ਐਕਸ. ਸੇਵਾਵਾਂ ਪ੍ਰਦਾਨ ਕਰਦੀ ਹੈ।
ਜੂਲੀਅਨ ਨੇ ਕਿਹਾ ਕਿ ਕੰਪਨੀ ਦੀ ‘ਹਾਈ-ਟੈਕ, ਹਾਈ-ਟਚ, ਹਾਈ ਸਟੈਂਡਰਡ’ ਪਹੁੰਚ ਦੁਨੀਆ ਦੇ ਪ੍ਰਮੁੱਖ ਬ੍ਰਾਂਡਾਂ ਨੂੰ ਸਹਿਜ ਗਾਹਕ ਅਨੁਭਵ, ਬੈਕ-ਆਫਿਸ ਅਤੇ ਪਰਿਵਰਤਨ ਸੇਵਾਵਾਂ ਪ੍ਰਦਾਨ ਕਰਨ ਲਈ ਸਭ ਤੋਂ ਉੱਨਤ ਡਿਜੀਟਲ ਅਤੇ ਤਕਨਾਲੋਜੀ ਹੱਲ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਟੈਲੀਪਰਫਾਰਮੈਂਸ ਨੇ ਵੱਡੀ ਪੱਧਰ ਉੱਤੇ ਵਿਕਾਸ ਕੀਤਾ ਹੈ, ਜਿਸ ਨਾਲ ਮੌਜੂਦਾ 16 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਗਿਣਤੀ ਵਾਲੇ ਇਸ ਖੇਤਰੀ ਪ੍ਰਤਿਭਾ ਪੂਲ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ।
(For more news apart from Chief Minister promised to raise Punjab as the digital hub of the country News in Punjabi, stay tuned to Rozana Spokesman)