ਚੰਡੀਗੜ੍ਹ ਦੇ ਸੈਕਟਰ 32 ਵਿੱਚ ਮੈਡੀਕਲ ਸਟੋਰ ਦੇ ਬਾਹਰ ਹੋਈ ਗੋਲੀਬਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

2 ਅਣਪਛਾਤੇ ਵਿਅਕਤੀਆਂ ਨੇ ਘਟਨਾ ਨੂੰ ਦਿੱਤਾ ਅੰਜਾਮ

Shooting outside medical store in Sector 32, Chandigarh

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 32 ਵਿੱਚ ਵੀਰਵਾਰ ਰਾਤ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇੱਕ ਕੈਮਿਸਟ ਦੀ ਦੁਕਾਨ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਸਕੂਟਰ 'ਤੇ ਫ਼ਰਾਰ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਹੌਂਡਾ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਆਏ ਦੋ ਸ਼ੱਕੀ ਵਿਅਕਤੀਆਂ ਨੇ ਸੈਕਟਰ 32-ਡੀ ਸਥਿਤ 'ਸੇਵਕ ਫਾਰਮੇਸੀ' ਦੇ ਬਾਹਰ ਫਾਇਰਿੰਗ ਕੀਤੀ। ਜਿਸ ਸਮੇਂ ਗੋਲੀਆਂ ਚਲਾਈਆਂ ਗਈਆਂ, ਦੁਕਾਨ ਖੁੱਲ੍ਹੀ ਸੀ ਅਤੇ ਸਾਰਾ ਸਟਾਫ਼ ਅੰਦਰ ਹੀ ਮੌਜੂਦ ਸੀ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦੋਵੇਂ ਮੁਲਜ਼ਮ ਗੋਲੀ ਚਲਾ ਕੇ ਮੌਕੇ ਤੋਂ ਭੱਜਦੇ ਸਾਫ਼ ਦਿਖਾਈ ਦੇ ਰਹੇ ਹਨ।

ਪੁਲਿਸ ਕੰਟਰੋਲ ਰੂਮ (PCR) ਨੂੰ ਰਾਤ ਲਗਭਗ 9:32 ਵਜੇ ਇਸ ਘਟਨਾ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਸੈਕਟਰ 34 ਥਾਣੇ ਦੀ ਪੁਲਿਸ, ਜ਼ਿਲ੍ਹਾ ਕ੍ਰਾਈਮ ਸੈੱਲ ਅਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਪੁਲਿਸ ਨੇ ਘਟਨਾ ਸਥਾਨ ਤੋਂ ਇੱਕ ਖਾਲੀ ਕਾਰਤੂਸ ਬਰਾਮਦ ਕੀਤਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਦੇ ਪਿੱਛੇ ਦਾ ਅਸਲ ਮਕਸਦ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਦੁਕਾਨ ਦੇ ਮਾਲਕਾਂ ਨੇ ਕਿਸੇ ਵੀ ਤਰ੍ਹਾਂ ਦੀ ਧਮਕੀ ਭਰੀ ਕਾਲ ਜਾਂ ਫਿਰੌਤੀ ਦੀ ਮੰਗ ਤੋਂ ਇਨਕਾਰ ਕੀਤਾ ਹੈ।

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦਾ ਸੁਰਾਗ ਲਗਾਉਣ ਲਈ ਆਸ-ਪਾਸ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।