Punjab, Haryana ਤੇ ਚੰਡੀਗੜ੍ਹ ’ਚ ਵਧਦੇ ਵੀ.ਆਈ.ਪੀ. ਕਲਚਰ ਖਿਲਾਫ ਹਾਈ ਕੋਰਟ ’ਚ ਪਟੀਸ਼ਨ ਦਾਇਰ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵਧ ਰਹੇ ਵੀ.ਆਈ.ਪੀ. ਕਲਚਰ ਅਤੇ ਵਾਹਨਾਂ 'ਤੇ ਲਾਲ ਬੱਤੀ ਦੀ ਵਰਤੋਂ ਖਿਲਾਫ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਐਡਵੋਕੇਟ ਨਿਖਿਲ ਸਰਾਫ ਨੇ ਪਟੀਸ਼ਨ ਵਿੱਚ ਕਿਹਾ ਕਿ 2013 ਵਿੱਚ ਸੁਪਰੀਮ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਵਿੱਚ ਅਤੇ ਬਾਅਦ ਵਿੱਚ 2017 ਵਿੱਚ, ਕੇਂਦਰ ਸਰਕਾਰ ਨੇ ਵੀ.ਆਈ.ਪੀ. ਕਲਚਰ ਨੂੰ ਖਤਮ ਕਰਨ ਲਈ ਸਰਕਾਰੀ ਅਤੇ ਨਿੱਜੀ ਵਾਹਨਾਂ 'ਤੇ ਲਾਲ ਬੱਤੀ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਬਾਵਜੂਦ, ਪੰਜਾਬ ਵਿੱਚ ਸਰਕਾਰੀ ਅਧਿਕਾਰੀ ਖੁੱਲ੍ਹੇਆਮ ਆਪਣੇ ਵਾਹਨਾਂ 'ਤੇ ਲਾਲ ਬੱਤੀ ਦੀ ਵਰਤੋਂ ਕਰ ਰਹੇ ਹਨ। ਪਟੀਸ਼ਨ ਕਰਤਾ ਦਾ ਕਹਿਣਾ ਹੈ ਕਿ ਇਹ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਇਸ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕਰਦੇ ਹੋਏ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ, ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਅਤੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 29 ਜਨਵਰੀ ਤੱਕ ਉਨ੍ਹਾਂ ਤੋਂ ਜਵਾਬ ਮੰਗਿਆ ਹੈ।