ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਅਜ਼ਾਦੀ ਸੰਘਰਸ਼ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਵਿਸ਼ੇਸ਼ ਯੋਗਦਾਨ ਨੂੰ ਕੀਤਾ ਯਾਦ

Finance Minister Harpal Singh Calls for Taking Inspiration from Lala Lajpat Rai's Life

ਚੰਡੀਗੜ੍ਹ: ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ  ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਾਬਕਾ ਮੰਤਰੀ  ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਮੌਜੂਦਾ ਤੇ ਸਾਬਕਾ ਸਰਪੰਚ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।

ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ  ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ 'ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।

ਪਿੰਡ ਵਾਸੀਆਂ ਅਤੇ ਪੰਚਾਇਤ ਦੀ ਮੰਗ ਪੂਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਨੇ ਪਿੰਡ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਇਹਨਾਂ ਵਿਕਾਸ ਕੰਮਾਂ ਵਿੱਚ 4  ਨਵੇਂ ਪਾਰਕ ਸਮੇਤ ਜਿੰਮ ਲਈ 10 ਲੱਖ ਰੁਪਏ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਲਈ 10 ਲੱਖ ਰੁਪਏ, ਦੇਸ਼ ਭਗਤ ਸਪੋਰਟਸ ਕਲੱਬ ਲਈ 5 ਲੱਖ ਰੁਪਏ ਸ਼ਾਮਿਲ ਹਨ। ਇਸ ਤੋਂ ਇਲਾਵਾ ਪਿੰਡ ਲਈ ਵੇਸਟ ਮੈਨੇਜਮੈਂਟ ਟਰੀਟਮੈਂਟ ਪਲਾਂਟ ਲਗਾਉਣ ਦੀ ਮੰਗ ਵੀ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤੀ।

ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇਦੱਸਿਆ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ , ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਗੀਤ, ਗਰੁੱਪ ਸੌਂਗ ਆਦਿ ਵੰਨਗੀਆਂ ਪੇਸ਼ ਕੀਤੀਆਂ। ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ 'ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।