Pahalgam Attack News: ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਘਿਣਾਉਣੀ ਘਟਨਾ ਬੇਹੱਦ ਨਿੰਦਨਯੋਗ - ਹਰਚੰਦ ਸਿੰਘ ਬਰਸਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Pahalgam Attack News: ਨਿਹੱਥੇ ਮਾਸੂਮ ਲੋਕਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਇਹ ਘਟਨਾ ਮਨੁੱਖਤਾ 'ਤੇ ਹਮਲਾ ਹੈ।

Harchand Singh Barsat Pahalgam Attack News in punjabi

ਚੰਡੀਗੜ੍ਹ, 23 ਅਪ੍ਰੈਲ, 2025: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਭਿਆਨਕ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਇਰਤਾਪੂਰਨ ਅਤਿਵਾਦੀ  ਹਮਲਾ ਬਹੁਤ ਹੀ ਸ਼ਰਮਨਾਕ ਹੈ। ਨਿਹੱਥੇ ਮਾਸੂਮ ਲੋਕਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਇਹ ਘਟਨਾ ਮਨੁੱਖਤਾ 'ਤੇ ਹਮਲਾ ਹੈ।

ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਘੜੀ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਉਹਨਾਂ ਦੇ ਨਾਲ ਖੜਾ ਹੈ। ਉਨ੍ਹਾਂ ਅਤਿਵਾਦੀ  ਦੇ ਹਰ ਰੂਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾ ਵੀ 2019 ਵਿੱਚ ਪੁਲਵਾਮਾ ਹਮਲਾ, 2016 ਵਿੱਚ ਉਰੀ ਹਮਲਾ ਸਮੇਤ ਇਸ ਖੇਤਰ ਨੂੰ ਦਹਾਕਿਆਂ ਤੋਂ ਅਤਿਵਾਦੀਆਂ ਨਾਲ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ।

ਬਰਸਟ ਨੇ ਕਿਹਾ ਕਿ ਅਸੀਂ ਹਰ ਤਰ੍ਹਾਂ ਦੇ ਅਤਿਵਾਦੀ ਹਮਲੇ ਦੀ ਸਖ਼ਤ  ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣਾ ਇਹ ਦਰਸਾਉਂਦਾ ਹੈ ਕਿ ਅਤਿਵਾਦੀ  ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਨਹੀਂ ਚਾਹੁੰਦੇ ਅਤੇ ਸੈਲਾਨੀਆਂ ਦੇ ਮਨਾਂ ਵਿੱਚ ਡਰ ਬਿਠਾਉਣਾ ਚਾਹੁੰਦੇ ਹਨ।

ਉਨ੍ਹਾਂ ਕੇਂਦਰ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੇ ਮਨਾਂ ਵਿਚੋਂ ਡਰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਹੱਦੀ ਖੇਤਰਾਂ ਵਿੱਚ ਗਸ਼ਤ ਵਧਾ ਦਿੱਤੀ ਹੈ, ਜੰਮੂ-ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਵੀ ਵਾਪਸ ਲਿਆਉਣ ਲਈ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ।