Chandigarh ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਹਰਿਆਣਾ

ਕੇਂਦਰੀ ਗ੍ਰਹਿ ਮੰਤਰਾਨੇ ਨੇ ਰੱਦ ਕੀਤਾ ਹਰਿਆਣਾ ਸਰਕਾਰ ਦਾ ਪ੍ਰਸਤਾਵ

Separate Haryana assembly will not be formed in Chandigarh

ਚੰਡੀਗੜ੍ਹ : ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ, ਜਿਸ ਦੇ ਚਲਦਿਆਂ ਹੁਣ ਚੰਡੀਗੜ੍ਹ ’ਚ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਣਾ ਸਕੇਗਾ । ਸਿਆਸੀ ਮਾਹਰਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ । 
ਸੂਤਰਾਂ ਅਨੁਸਾਰ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਇਮਾਰਤ ਬਣਾਉਣ ਦਾ ਮੁੱਦਾ ਚੁੱਕਿਆ ਸੀ। ਇਸ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਸਰਕਾਰ ਨੂੰ ਵੱਖਰੀ ਵਿਧਾਨ ਸਭਾ ਦਾ ਮੁੱਦਾ ਚੰਡੀਗੜ੍ਹ ਪ੍ਰਸ਼ਾਸਨ ਕੋਲ ਨਾ ਚੁੱਕਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ । ਜਦਿਕ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਹੀ ਯੂ ਟੀ ਮਾਸਟਰ ਪਲਾਨ-2031 ਵਿੱਚ ਅਜਿਹੀ ਕੋਈ ਵਿਵਸਥਾ ਨਾ ਹੋਣ ਦਾ ਹਵਾਲਾ ਦਿੰਦਿਆਂ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਜ਼ਮੀਨ ਦੀ ਅਦਲਾ-ਬਦਲੀ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ।
ਹਰਿਆਣਾ ਵਿੱਚ ਨਵੀਂ ਹੱਦਬੰਦੀ ਕਾਰਨ ਵਿਧਾਨ ਸਭਾ ਹਲਕਿਆਂ ਦੀ ਗਿਣਤੀ 90 ਤੋਂ ਵੱਧ ਕੇ 126 ਹੋਣ ਦਾ ਅਨੁਮਾਨ ਹੈ, ਜਿਸ ਕਾਰਨ ਮੌਜੂਦਾ ਵਿਧਾਨ ਸਭਾ ਭਵਨ ਵਿੱਚ ਥਾਂ ਦੀ ਘਾਟ ਦਾ ਮਸਲਾ ਸਾਹਮਣੇ ਆ ਸਕਦਾ ਹੈ । ਇਸੇ ਨੂੰ ਧਿਆਨ ’ਚ ਰੱਖਦੇ ਹੋਏ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਸਾਲ 2022 ਦੇ ਸ਼ੁਰੂ ਵਿੱਚ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ ਸੀ।
ਇਸ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਹਰਿਆਣਾ ਸਰਕਾਰ ਨੂੰ ਤਿੰਨ ਥਾਵਾਂ ਦੀ ਪੇਸ਼ਕਸ਼ ਕੀਤੀ ਸੀ, ਜਿਨ੍ਹਾਂ ਵਿੱਚ ਆਈ ਟੀ ਪਾਰਕ ਨੇੜੇ, ਮਨੀਮਾਜਰਾ ਵਿੱਚ ਕਲਾਗ੍ਰਾਮ ਦੇ ਨੇੜੇ ਅਤੇ ਰੇਲਵੇ ਲਾਈਟ ਪੁਆਇੰਟ ਤੋਂ ਆਈ ਟੀ ਪਾਰਕ ਜਾਣ ਵਾਲੀ ਸੜਕ ’ਤੇ ਜ਼ਮੀਨ ਸ਼ਾਮਲ ਸੀ । ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੇਲਵੇ ਲਾਈਟ ਪੁਆਇੰਟ ਤੋਂ ਆਈ ਟੀ ਪਾਰਕ ਵਾਲੀ ਸੜਕ ’ਤੇ 10 ਏਕੜ ਜ਼ਮੀਨ ਲੈਣ ਲਈ ਸਹਿਮਤੀ ਦੇ ਦਿੱਤੀ ਸੀ । ਇਸ ਬਦਲੇ ਹਰਿਆਣਾ ਸਰਕਾਰ ਵੱਲੋਂ ਯੂਟੀ ਪ੍ਰਸ਼ਾਸਨ ਨੂੰ ਪੰਚਕੂਲਾ ਦੇ ਸਕੇਤੜੀ ਵਿੱਚ 12 ਏਕੜ ਜ਼ਮੀਨ ਦਿੱਤੀ ਜਾ ਰਹੀ ਸੀ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਪ੍ਰਸਤਾਵ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਹਰਿਆਣਾ ਵੱਲੋਂ ਦਿੱਤੀ ਜਾਣ ਵਾਲੀ ਜ਼ਮੀਨ ਉਸਾਰੀ ਯੋਗ ਨਹੀਂ ਹੈ ਅਤੇ ਉੱਥੇ ਉਸਾਰੀ ਦੌਰਾਨ ਵਾਤਾਵਰਨ ਵਿਭਾਗ ਸਣੇ ਕਈ ਹੋਰ ਤਰ੍ਹਾਂ ਦੇ ਕਾਨੂੰਨੀ ਅੜਿੱਕੇ ਆ ਰਹੇ ਹਨ।