ਕੁਲਵਿੰਦਰ ਕੌਰ ਦੇ ਹੱਕ ’ਚ ਆਏ ਹਰਿਆਣਾ ਦੇ ਪ੍ਰਦਰਸ਼ਨਕਾਰੀ ਕਿਸਾਨ
ਕੁਲਵਿੰਦਰ ਕੌਰ ਨੂੰ ਹਿਰਾਸਤ ਤੋਂ ਰਿਹਾਅ ਹੋਣ ਤੋਂ ਬਾਅਦ ਸਨਮਾਨਤ ਕਰਨ ਦਾ ਫ਼ੈਸਲਾ
ਜੀਂਦ: ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਨਾ ਵਿਖੇ ਸਬ-ਡਵੀਜ਼ਨਲ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨਾਂ ਨੇ ਅਦਾਕਾਰਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਦੋਸ਼ੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਸਮਰਥਨ ਕੀਤਾ ਹੈ।
ਧਰਨੇ ਦੇ ਕਨਵੀਨਰ ਆਜ਼ਾਦ ਪਲਵਾਨ ਦੀ ਪ੍ਰਧਾਨਗੀ ਹੇਠ ਸ਼ੁਕਰਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕੁਲਵਿੰਦਰ ਕੌਰ ਨੂੰ ਹਿਰਾਸਤ ਤੋਂ ਰਿਹਾਅ ਹੋਣ ਤੋਂ ਬਾਅਦ ਸਨਮਾਨਿਤ ਕੀਤਾ ਜਾਵੇਗਾ।
ਪਾਲਵਾਂ ਨੇ ਕਿਹਾ, ‘‘ਕੁਲਵਿੰਦਰ ਕੌਰ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਅਸੀਂ ਫੈਸਲਾ ਕੀਤਾ ਹੈ ਕਿ ਕੁਲਵਿੰਦਰ ਕੌਰ ਨੂੰ ਹਿਰਾਸਤ ਤੋਂ ਰਿਹਾਅ ਹੋਣ ਤੋਂ ਬਾਅਦ ਉਚਾਨਾ ਧਰਨੇ ’ਤੇ ਬੁਲਾ ਕੇ ਸਨਮਾਨਿਤ ਕੀਤਾ ਜਾਵੇਗਾ।’’ਰਣੌਤ ਨੂੰ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਕੁਲਵਿੰਦਰ ਕੌਰ ਨੇ ਕਥਿਤ ਤੌਰ ’ਤੇ ਥੱਪੜ ਮਾਰਿਆ ਸੀ।
ਸੋਸ਼ਲ ਮੀਡੀਆ ’ਤੇ ਸਾਹਮਣੇ ਆਏ ਇਕ ਵੀਡੀਉ ’ਚ ਗੁੱਸੇ ’ਚ ਆਈ ਮਹਿਲਾ ਪੁਲਿਸ ਮੁਲਾਜ਼ਮ ਘਟਨਾ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ, ‘‘ਕੰਗਨਾ ਨੇ ਬਿਆਨ ਦਿਤਾ ਸੀ ਕਿ ਦਿੱਲੀ ’ਚ ਕਿਸਾਨ 100-200 ਰੁਪਏ ਲਈ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਵਿਚ ਮੇਰੀ ਮਾਂ ਵੀ ਸ਼ਾਮਲ ਸੀ।’’