Haryana News: ਹਰਿਆਣਾ 'ਚ ਸਕੂਲੀ ਵਾਹਨਾਂ ਦਾ ਹੋਵੇਗਾ ਫਿਟਨੈੱਸ ਟੈਸਟ, ਟਰਾਂਸਪੋਰਟ ਮੰਤਰੀ ਗੋਇਲ ਨੇ ਬੱਸ ਹਾਦਸੇ ਦਾ ਲਿਆ ਨੋਟਿਸ 

ਏਜੰਸੀ

ਖ਼ਬਰਾਂ, ਹਰਿਆਣਾ

ਦੋਸ਼ੀਆਂ ਖਿਲਾਫ਼ FIR ਦਰਜ ਕਰਨ ਦੇ ਦਿੱਤੇ ਨਿਰਦੇਸ਼

File Photo

 

Haryana News: ਹਰਿਆਣਾ - ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਕਨੀਨਾ ਵਿਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਤੋਂ ਬਾਅਦ ਸਰਕਾਰ ਹਰਕਤ ਵਿਚ ਆ ਗਈ ਹੈ। ਸੂਬੇ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਉਕਤ ਪ੍ਰਾਈਵੇਟ ਸਕੂਲ ਖਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਕਮੇਟੀ ਬਣਾ ਕੇ ਹਰ ਪਹਿਲੂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਬੱਚਿਆਂ ਪ੍ਰਤੀ ਸੰਵੇਦਨਾ ਪ੍ਰਗਟਾਈ। ਨੇ ਕਿਹਾ ਕਿ ਸੂਬੇ ਦੇ ਸਕੂਲਾਂ ਦੇ ਵਾਹਨਾਂ ਦੀ ਫਿਟਨੈੱਸ ਚੈੱਕ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੰਤਰੀ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇੱਕ ਸਰਕੂਲਰ ਜਾਰੀ ਕਰਕੇ ਹਰ ਸਕੂਲ ਵਿਚ ਵਾਹਨਾਂ ਦੀ ਫਿਟਨੈਸ ਚੈੱਕ ਕਰਨ ਦੇ ਹੁਕਮ ਦਿੱਤੇ ਹਨ।

ਮੰਤਰੀ ਅਸੀਮ ਗੋਇਲ ਨੇ ਨਿਰਦੇਸ਼ ਦਿੱਤੇ ਹਨ ਕਿ ਚੰਡੀਗੜ੍ਹ ਸਥਿਤ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਜਾਂਚ ਕਮੇਟੀ ਬਣਾਈ ਜਾਵੇ। ਜੋ ਇਸ ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕਰੇ। ਨਾਲ ਹੀ, ਟਰਾਂਸਪੋਰਟ ਮੰਤਰੀ ਨੇ ਸਥਾਨਕ ਡੀਟੀਓ ਨੂੰ ਸਕੂਲ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਟਰਾਂਸਪੋਰਟ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਬੱਸ ਦੇ ਦਸਤਾਵੇਜ਼ ਪੂਰੇ ਨਾ ਕਰਨ 'ਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਹੀ ਇਸੇ ਬੱਸ ਦਾ 15,000 ਰੁਪਏ ਦਾ ਚਲਾਨ ਕੀਤਾ ਗਿਆ ਸੀ। ਜੇਕਰ ਆਰਟੀਏ ਵਿਭਾਗ ਦਾ ਕੋਈ ਵੀ ਐਮਵੀਏ ਪੱਧਰ ਦਾ ਅਧਿਕਾਰੀ ਇਸ ਮਾਮਲੇ ਵਿੱਚ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਨੂੰ ਵੀ ਮੁਅੱਤਲ ਕਰ ਦਿੱਤਾ ਜਾਵੇਗਾ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਜ਼ਾਹਰ 
''ਹਰਿਆਣਾ ਦੇ ਮਹਿੰਦਰਗੜ੍ਹ ਵਿਚ ਵਾਪਰਿਆ ਬੱਸ ਹਾਦਸਾ ਬਹੁਤ ਹੀ ਦਰਦਨਾਕ ਹੈ। ਮੇਰੀ ਸੰਵੇਦਨਾ ਉਨ੍ਹਾਂ ਸਾਰੇ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਬੱਚੇ ਗੁਆ ਦਿੱਤੇ ਹਨ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿਚ ਲੱਗਾ ਹੋਇਆ ਹੈ।''

ਰਾਸ਼ਟਰਪਤੀ ਨੇ ਕੀਤਾ ਦੁੱਖ ਜ਼ਾਹਰ

''ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲੇ 'ਚ ਸਕੂਲ ਬੱਸ ਹਾਦਸੇ 'ਚ ਕਈ ਮਾਸੂਮ ਬੱਚਿਆਂ ਦੀ ਮੌਤ ਦੀ ਖਬਰ ਦਿਲ ਦਹਿਲਾ ਦੇਣ ਵਾਲੀ ਹੈ। ਪ੍ਰਮਾਤਮਾ ਦੁਖੀ ਮਾਪਿਆਂ ਅਤੇ ਪਰਿਵਾਰ ਨੂੰ ਇਸ ਨਾਮੁਰਾਦ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ। ਮੈਂ ਜ਼ਖਮੀ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।''

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਹਾਦਸੇ ਵਿਚ ਹੁਣ ਤੱਕ 8 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਟਰਾਂਸਪੋਰਟ ਮੰਤਰਾਲੇ ਦੀ ਅਧਿਕਾਰਤ ਮੋਬਾਈਲ ਐਪ ਮੁਤਾਬਕ ਜੋ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਉਸ ਬੱਸ ਦੇ ਦਸਤਾਵੇਜ਼ ਵੀ ਪੂਰੇ ਨਹੀਂ ਹਨ। ਫਿਟਨੈਸ ਸਰਟੀਫਿਕੇਟ ਦੀ ਮਿਆਦ ਖ਼ਤਮ ਦਿਖਾਈ ਦੇ ਰਹੀ ਹੈ। ਇਸ ਤੋਂ ਬਾਅਦ ਵੀ ਸਕੂਲ ਇਹ ਬੱਸ ਚਲਾ ਰਿਹਾ ਸੀ।