ਅੰਦੋਲਨਕਾਰੀ ਕਿਸਾਨਾਂ ਦੇ ਹੱਕ ’ਚ ਬੋਲੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ, ਕਿਹਾ, ‘ਸਰਕਾਰ ਤੁਰਤ ਜ਼ਿੱਦ ਛੱਡ ਕੇ ਗੱਲਬਾਤ ਸ਼ੁਰੂ ਕਰੇ’

ਏਜੰਸੀ

ਖ਼ਬਰਾਂ, ਹਰਿਆਣਾ

ਬੇਮੌਸਮੀ ਮੀਂਹ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦੀ ਮੰਗ ਕੀਤੀ 

Bhupinder Singh Hooda

ਰੋਹਤਕ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਐਤਵਾਰ ਨੂੰ ਕਿਹਾ ਕਿ ਬੇਮੌਸਮੀ ਮੀਂਹ ਅਤੇ ਨਹਿਰ ਟੁੱਟਣ ਨਾਲ ਸੂਬੇ ’ਚ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਤੁਰਤ ਵਿਸ਼ੇਸ਼ ਗਿਰਦਾਵਰੀ ਕਰੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ। ਰੋਹਤਕ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁੱਡਾ ਨੇ ਕਿਹਾ ਕਿ ਉਨ੍ਹਾਂ ਨਾਲ ਕਈ ਪਿੰਡਾਂ ਦੇ ਕਿਸਾਨਾਂ ਨੇ ਮੁਲਾਕਾਤ ਕੀਤੀ, ਜਿਨ੍ਹਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। 

ਉਨ੍ਹਾਂ ਕਿਹਾ ਕਿ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਦੀ ਜਾਨ ਕੀਮਤੀ ਹੈ। ਹੁੱਡਾ ਨੇ ਕਿਹਾ, ‘‘ਸਰਕਾਰ ਨੂੰ ਤੁਰਤ ਅਪਣੀ ਜ਼ਿੱਦ ਛੱਡ ਦੇਣੀ ਚਾਹੀਦੀ ਹੈ ਅਤੇ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ ਅਤੇ ਇਸ ਗੰਭੀਰ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੀਦਾ ਹੈ।’’

ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਹ ਕੋਈ ਨਵੀਂ ਮੰਗ ਨਹੀਂ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ ਸਿਧਾਂਤਕ ਤੌਰ ’ਤੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਸਰਕਾਰ ਨੇ ਖੁਦ ਉਨ੍ਹਾਂ ਨੂੰ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੇਣ ਦਾ ਵਾਅਦਾ ਕੀਤਾ ਸੀ।

ਹਰਿਆਣਾ ’ਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਬਾਰੇ ਇਕ ਸਵਾਲ ਦੇ ਜਵਾਬ ’ਚ ਹੁੱਡਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਉਨ੍ਹਾਂ ਕਿਹਾ, ‘‘ਜਦੋਂ ਤਕ ਕਾਨੂੰਨ ਵਿਵਸਥਾ ਦੀ ਸਥਿਤੀ ’ਚ ਸੁਧਾਰ ਨਹੀਂ ਹੁੰਦਾ, ਉਦੋਂ ਤਕ ਸੂਬੇ ਦਾ ਵਿਕਾਸ ਨਹੀਂ ਹੋ ਸਕਦਾ। ਬੇਰੁਜ਼ਗਾਰੀ ਅਤੇ ਮਾੜੀ ਕਾਨੂੰਨ ਵਿਵਸਥਾ ਕਾਰਨ ਸੂਬੇ ਭਰ ’ਚ ਨਸ਼ਿਆਂ ਦੀ ਸਮੱਸਿਆ ਫੈਲ ਗਈ ਹੈ। ਪੰਜਾਬ ਨਾਲੋਂ ਹਰਿਆਣਾ ’ਚ ਨਸ਼ਿਆਂ ਦੀ ਲਤ ਜ਼ਿਆਦਾ ਨੌਜੁਆਨਾਂ ਨੂੰ ਲੱਗੀ ਹੈ।’’

ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਦੇ ਬਿਆਨ ਨਾਲ ਜੁੜੇ ਸਵਾਲ ’ਤੇ ਹੁੱਡਾ ਨੇ ਕਿਹਾ ਕਿ ਮਨੋਹਰ ਲਾਲ ਖੁਦ ‘ਐਕਸੀਡੈਂਟਲ ਮੁੱਖ ਮੰਤਰੀ’ ਸਨ। ਉਨ੍ਹਾਂ ਕਿਹਾ, ‘‘ਭਾਜਪਾ ਸਰਕਾਰ ਦੀ ਅਪਣੀ ਕੋਈ ਪ੍ਰਾਪਤੀ ਨਹੀਂ ਹੈ। ਪਾਰਟੀ ਦੇ 10 ਸਾਲਾਂ ਦੇ ਸ਼ਾਸਨ ਕਾਲ ’ਚ ਹਰਿਆਣਾ ਪ੍ਰਤੀ ਵਿਅਕਤੀ ਆਮਦਨ, ਪ੍ਰਤੀ ਵਿਅਕਤੀ ਨਿਵੇਸ਼ ਅਤੇ ਰੁਜ਼ਗਾਰ ਦੇ ਮਾਮਲੇ ’ਚ ਸੱਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ।’’