Haryana Assembly Election : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕਰਰਹੀ ਹੈ ਕਾਂਗਰਸ, ਮੰਗੀ ਬੂਥ-ਵਾਰ ਰਿਪੋਰਟ

ਏਜੰਸੀ

ਖ਼ਬਰਾਂ, ਹਰਿਆਣਾ

ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਚੋਣਾਂ ਨੂੰ ਧਿਆਨ ’ਚ ਰਖਦੇ ਹੋਏ ਹਰਿਆਣਾ ’ਚ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ

Mallikarjun Kharge

Haryana Assembly Election : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਨਿਚਰਵਾਰ ਨੂੰ ਕਿਹਾ ਕਿ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੀ ਹੈ ਅਤੇ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਬੂਥ-ਵਾਰ ਰੀਪੋਰਟ ਮੰਗੀ ਹੈ।

ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਚੋਣਾਂ ਨੂੰ ਧਿਆਨ ’ਚ ਰਖਦੇ ਹੋਏ ਹਰਿਆਣਾ ’ਚ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਨੇ ਉੱਤਰੀ ਰਾਜ ਦੇ ਨਤੀਜਿਆਂ ਦਾ ਆਉਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਤੇ ਅਸਰ ਪੈਣ ਦੀ ਸੰਭਾਵਨਾ ਤੋਂ ਵੀ ਇਨਕਾਰ ਕੀਤਾ।

ਕਾਂਗਰਸ ਪ੍ਰਧਾਨ ਨੇ ਕਿਹਾ, ‘‘‘‘ਅਸੀਂ ਵਿਸ਼ਲੇਸ਼ਣ ਕਰ ਰਹੇ ਹਾਂ। ਮੈਂ ਕੁੱਝ ਦਿਨ ਪਹਿਲਾਂ ਰਾਹੁਲ ਗਾਂਧੀ ਅਤੇ ਹੋਰ ਨੇਤਾਵਾਂ ਨਾਲ ਮੀਟਿੰਗ ਕੀਤੀ ਸੀ ਅਤੇ ਸਾਨੂੰ ਬੂਥ-ਵਾਰ ਰੀਪੋਰਟਾਂ ਮਿਲ ਰਹੀਆਂ ਹਨ। ਸਾਨੂੰ ਬੂਥ-ਵਾਰ ਰੀਪੋਰਟਾਂ ਮਿਲ ਰਹੀਆਂ ਹਨ ਕਿ ਸਾਡੇ ਵਰਕਰਾਂ ਦੇ ਪੱਧਰ ’ਤੇ ਕੀ ਗਲਤ ਹੋਇਆ, ਸਾਡੇ ਨੇਤਾਵਾਂ ਦੀ ਭੂਮਿਕਾ ਕੀ ਹੈ ਅਤੇ ਕੀ ਹੋਇਆ। ਇਸ ਦੇ ਅਧਾਰ ’ਤੇ, ਅਸੀਂ ਵਿਸ਼ਲੇਸ਼ਣ ਕਰਾਂਗੇ ਅਤੇ ਅਗਲੇਰੀ ਕਾਰਵਾਈ ਦਾ ਫੈਸਲਾ ਕਰਾਂਗੇ।’’

ਕਲਬੁਰਗੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੜਗੇ ਨੇ ਕਿਹਾ ਕਿ ਪਾਰਟੀ ਹਰਿਆਣਾ ਚੋਣਾਂ ਦੇ ਨਤੀਜਿਆਂ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ ਕਿਉਂਕਿ ਪੂਰੇ ਦੇਸ਼ ਦੀ ਰਾਏ ਹੈ ਕਿ ਕਾਂਗਰਸ ਹਰਿਆਣਾ ’ਚ ਜਿੱਤੇਗੀ ਅਤੇ ਪੱਤਰਕਾਰਾਂ ਜਾਂ ਨਿਊਜ਼ ਚੈਨਲਾਂ ਸਮੇਤ ਕਿਸੇ ਨੇ ਵੀ ਇਹ ਨਹੀਂ ਕਿਹਾ ਕਿ ਪਾਰਟੀ ਹਾਰਨ ਜਾ ਰਹੀ ਹੈ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਜਿੱਤੇਗੀ।

ਉਨ੍ਹਾਂ ਕਿਹਾ, ‘‘ਅਸੀਂ ਵਿਸ਼ਲੇਸ਼ਣ ਕਰ ਰਹੇ ਹਾਂ ਕਿ ਕੀ ਹੋਇਆ, ਉਸ ਤੋਂ ਬਾਅਦ ਅਸੀਂ ਫੈਸਲਾ ਕਰਾਂਗੇ ਕਿ ਕੀ ਕਰਨਾ ਹੈ। ਆਉਣ ਵਾਲੇ ਦਿਨਾਂ ’ਚ ਸਾਡੀਆਂ ਕਈ ਚੋਣਾਂ ਹੋਣੀਆਂ ਹਨ, ਅਸੀਂ ਇਸ (ਆਉਣ ਵਾਲੀਆਂ ਚੋਣਾਂ) ਨੂੰ ਧਿਆਨ ’ਚ ਰਖਦੇ ਹੋਏ ਇਸ ’ਤੇ ਜ਼ਰੂਰ ਵਿਚਾਰ ਕਰਾਂਗੇ।’’

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੰਗਲਵਾਰ ਨੂੰ ਐਲਾਨੇ ਗਏ ਨਤੀਜਿਆਂ ’ਚ ਭਾਜਪਾ ਨੇ ਲਗਾਤਾਰ ਤੀਜੀ ਵਾਰ ਬਹੁਮਤ ਹਾਸਲ ਕਰ ਕੇ ਸਰਕਾਰ ਬਣਾਈ ਹੈ।

ਮਹਾਰਾਸ਼ਟਰ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਹਰਿਆਣਾ ਚੋਣਾਂ ਦੇ ਨਤੀਜਿਆਂ ਦੇ ਅਸਰ ਬਾਰੇ ਪੁੱਛੇ ਜਾਣ ’ਤੇ ਖੜਗੇ ਨੇ ਕਿਹਾ, ‘‘ਇਕ ਚੋਣ ਨਤੀਜੇ ਦਾ ਦੂਜੇ ਸੂਬਿਆਂ ਦੀਆਂ ਚੋਣਾਂ ’ਤੇ ਕੋਈ ਅਸਰ ਨਹੀਂ ਪਵੇਗਾ ਪਰ ਸਵਾਲ ਇਹ ਹੈ ਕਿ ਲੋਕ ਸਾਡੇ ਪੱਖ ’ਚ ਹੋਣ ਦੇ ਬਾਵਜੂਦ ਨਤੀਜੇ ਇਸ ਤਰ੍ਹਾਂ ਕਿਉਂ ਹੋਣੇ ਚਾਹੀਦੇ ਹਨ।