ਹਰਿਆਣਾ ਸਰਕਾਰ ਫ਼ੌਜੀਆਂ, ਸਾਬਕਾ ਫ਼ੌਜੀਆਂ, ਉਨ੍ਹਾਂ ਦੇ ਪਰਵਾਰਾਂ ਲਈ ਨਵੀਂ ਪਹਿਲ ਸ਼ੁਰੂ ਕਰੇਗੀ 

ਏਜੰਸੀ

ਖ਼ਬਰਾਂ, ਹਰਿਆਣਾ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਫੌਜ ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਕਿਹਾ

Representative Image.

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਸੇਵਾ ਕਰ ਰਹੇ ਫ਼ੌਜੀਆਂ, ਸਾਬਕਾ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਵਾਰਾਂ ਲਈ ਸਿਹਤ ਸਹੂਲਤਾਂ ਵਧਾਉਣ ਲਈ ਪਹਿਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ’ਚ ਭਾਰਤੀ ਫੌਜ ਨਾਲ ਤਾਲਮੇਲ ਰਾਹੀਂ ਲੋੜ ਦੇ ਅਧਾਰ ’ਤੇ ਵੱਖ-ਵੱਖ ਕਸਬਿਆਂ ’ਚ ਆਰਮੀ ਪੋਲੀਕਲੀਨਿਕਾਂ ਵਰਗੀਆਂ ਸਿਹਤ ਸਹੂਲਤਾਂ ਵਿਕਸਤ ਕਰਨਾ ਸ਼ਾਮਲ ਹੈ। 

ਇਕ ਅਧਿਕਾਰਤ ਬਿਆਨ ਮੁਤਾਬਕ ਇਸ ਪਹਿਲ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਫੌਜੀ ਕਰਮਚਾਰੀ ਅਤੇ ਉਨ੍ਹਾਂ ਦੇ ਆਸ਼ਰਿਤ ਅਪਣੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਤਕ ਪਹੁੰਚ ਕਰ ਸਕਣ। ਇੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸੈਣੀ ਨੇ ਕਿਹਾ ਕਿ ਇਸ ਸਮੇਂ ਪੰਚਕੂਲਾ, ਅੰਬਾਲਾ ਅਤੇ ਹਿਸਾਰ ’ਚ ਫੌਜ ਦੇ ਹਸਪਤਾਲ ਅਤੇ ਪੌਲੀਕਲੀਨਿਕ ਕੰਮ ਕਰ ਰਹੇ ਹਨ ਅਤੇ ਇਸੇ ਤਰਜ਼ ’ਤੇ ਹੋਰ ਥਾਵਾਂ ’ਤੇ ਵੀ ਫ਼ੌਜੀਆਂ ਦੀਆਂ ਮੰਗਾਂ ਅਨੁਸਾਰ ਸਿਹਤ ਸਹੂਲਤਾਂ ਵਿਕਸਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। 

ਅਧਿਕਾਰੀਆਂ ਨੂੰ ਹੁਕਮ ਦਿੰਦਿਆਂ ਮੁੱਖ ਮੰਤਰੀ ਨੇ ਫੌਜ ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਨ ਅਤੇ ਇਸ ਪਹਿਲ ਕਦਮੀ ਨੂੰ ਲਾਗੂ ਕਰਨ ਲਈ ਢੁਕਵੀਂ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਇਨ੍ਹਾਂ ਸਿਹਤ ਸਹੂਲਤਾਂ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਏਗੀ। 

ਸੈਣੀ ਨੇ ਇਹ ਵੀ ਦਸਿਆ ਕਿ ਸਾਬਕਾ ਫ਼ੌਜੀਆਂ ਵਲੋਂ ਰੇਵਾੜੀ, ਰੋਹਤਕ ਅਤੇ ਮਹਿੰਦਰਗੜ੍ਹ ਵਰਗੇ ਸਾਬਕਾ ਫ਼ੌਜੀਆਂ ਦੀ ਵੱਡੀ ਮੌਜੂਦਗੀ ਵਾਲੇ ਖੇਤਰਾਂ ’ਚ ਸਿਹਤ ਸਹੂਲਤਾਂ ਵਿਕਸਤ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ’ਚ ਮੈਡੀਕਲ ਸੰਸਥਾਵਾਂ ਸਥਾਪਤ ਕਰਨ ਨਾਲ ਫ਼ੌਜੀਆਂ , ਸਾਬਕਾ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਵਾਰ ਾਂ ਨੂੰ ਬਹੁਤ ਲਾਭ ਹੋਵੇਗਾ। 

ਸੈਣੀ ਨੇ ਕਿਹਾ ਕਿ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਰਾਜ ਭਰ ’ਚ ਲਗਾਤਾਰ ਮੈਡੀਕਲ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪ-ਸਿਹਤ ਕੇਂਦਰ, ਪ੍ਰਾਇਮਰੀ ਸਿਹਤ ਕੇਂਦਰ ਅਤੇ ਕਮਿਊਨਿਟੀ ਹੈਲਥ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਮੌਜੂਦਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਨਰਸਿੰਗ ਕਾਲਜਾਂ ਦੇ ਨਾਲ-ਨਾਲ ਹਰੇਕ ਜ਼ਿਲ੍ਹੇ ’ਚ ਇਕ ਮੈਡੀਕਲ ਕਾਲਜ ਸਥਾਪਤ ਕੀਤਾ ਜਾ ਰਿਹਾ ਹੈ।