ਅੰਬਾਲਾ ਵਿਚ ਨਵਦੀਪ ਸਿੰਘ ਜਲਬੇੜਾ ਨੂੰ ਜੇਲ੍ਹ ’ਚੋਂ ਰਿਹਾਅ, ਜਾਣੋ ਅਗਲੇ ਪ੍ਰੋਗਰਾਮ ਬਾਰੇ ਕੀ ਬੋਲੇ ਕਿਸਾਨ ਆਗੂ

ਏਜੰਸੀ

ਖ਼ਬਰਾਂ, ਹਰਿਆਣਾ

ਅੱਜ ਹੀ ਹਾਈ ਕੋਰਟ ਨੇ ਨਵਦੀਪ ਨੂੰ ਜ਼ਮਾਨਤ ਦਿਤੀ ਸੀ

Navdeep Singh Jalbera with farmer leaders.

ਅੰਬਾਲਾ: ਅੰਬਾਲਾ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਇਕ ਰਾਤ ਪਹਿਲਾਂ ਨਵਦੀਪ  ਸਿੰਘ ਜਲਬੇੜਾ ਨੂੰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਅੱਜ ਹੀ ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦਿਤੀ ਸੀ। 

ਕਿਸਾਨਾਂ ਨੇ ਐਲਾਨ ਕੀਤਾ ਹੋਇਆ ਸੀ ਕਿ ਜੇਕਰ ਨਵਦੀਪ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਬੁਧਵਾਰ ਨੂੰ ਅੰਬਾਲਾ ਵਿਚ SP ਦਫ਼ਤਰ ਦਾ ਘਿਰਾਓ ਕਰਨਗੇ।ਅੰਬਾਲਾ ਪੁਲਿਸ ਸੁਪਰਡੈਂਟ (ਐੱਸ.ਪੀ.) ਦੇ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਵਿਰੁਧ ਪ੍ਰਦਰਸ਼ਨ ਕਰਨ ਦੀ ਯੋਜਨਾ ਤੋਂ ਪਹਿਲਾਂ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਜੇਕਰ ਕਿਸਾਨਾਂ ਨੇ ਅੰਬਾਲਾ ਪੁਲਿਸ ਸੁਪਰਡੈਂਟ (ਐੱਸ.ਪੀ.) ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਨਵਦੀਪ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ।

ਅਪਣੀ ਰਿਹਾਈ ਮਗਰੋਂ ਮੀਡੀਆ ਨਾਲ ਗੱਲਬਾਤ ’ਚ ਨਵਦੀਪ ਨੇ ਰਿਹਾਈ ਲਈ ਯੋਗਦਾਨ ਦੇ ਵਾਲੇ ਹਰ ਕਿਸੇ ਦਾ ਧਨਵਾਦ ਕੀਤਾ ਅਤੇ ਕਿਹਾ ਕਿ ਬੁਧਵਾਰ ਨੂੰ ਅੰਬਾਲਾ ’ਚ ਹੀ ਅਨਾਜ ਮੰਡੀ ’ਚ ਕਿਸਾਨਾਂ ਦਾ ਇਕੱਠ ਹੋਵੇਗਾ ਜਿਸ ’ਚ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤਕ ਸੰਘਰਸ਼ ਜਾਰੀ ਰਹੇਗਾ ਕਿਉਂਕਿ ਇਹ ਨਸਲਾਂ ਦੀ ਲੜਾਈ ਬਣ ਚੁੱਕੀ ਹੈ। 

ਇਸ ਤੋਂ ਪਹਿਲਾਂ ਦਿਨ ਸਮੇਂ ਕਿਸਾਨਾਂ ਨੇ ਕਿਹਾ ਸੀ ਕਿ ਉਹ ਕਿਸਾਨ ਕਾਰਕੁਨ ਨਵਦੀਪ ਸਿੰਘ (ਵਾਟਰ ਕੈਨਨ) ਦੀ ਗ੍ਰਿਫਤਾਰੀ ਦੇ ਵਿਰੋਧ ’ਚ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸ.ਪੀ. ਦੇ ਦਫ਼ਤਰ ਦਾ ਘਿਰਾਓ ਕਰਨਗੇ। ਨਵਦੀਪ ਨੂੰ ਮਾਰਚ ’ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। ਉਸ ’ਤੇ ਦੰਗੇ ਅਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਸੀ। 

ਐਸ.ਪੀ. ਸੁਰੇਂਦਰ ਸਿੰਘ ਭੋਰੀਆ ਨੇ ਕਿਹਾ ਕਿ ਜੋ ਵੀ ਕਿਸਾਨ ਘਿਰਾਓ ’ਚ ਸ਼ਾਮਲ ਹੁੰਦਾ ਹੈ ਜਾਂ ਬਿਨਾਂ ਇਜਾਜ਼ਤ ਦੇ ਕਿਸੇ ਜਲੂਸ ’ਚ ਹਿੱਸਾ ਲੈਂਦਾ ਹੈ ਉਸ ਵਿਰੁਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ’ਚ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਵੀਡੀਉ ਵੀ ਬਣਾਏਗੀ ਤਾਂ ਜੋ ਬਾਅਦ ’ਚ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ ਜਾ ਸਕੇ।