Shambhu border: ਆਖ਼ਿਰ ਕਦੋਂ ਖੁੱਲ੍ਹੇਗਾ ਸ਼ੰਭੂ ਬਾਰਡਰ ? ਹਰਿਆਣਾ ਸਰਕਾਰ ਨੇ ਆਪਣਾ ਪੱਖ ਰੱਖਣ ਲਈ ਸੁਪਰੀਮ ਕੋਰਟ ਤੋਂ ਮੰਗਿਆ ਸਮਾਂ
ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਕੀਤੀ ਮੁਲਤਵੀ
Shambhu border: ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਆਦੇਸ਼ ਖ਼ਿਲਾਫ਼ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਇਸ ਮਾਮਲੇ ਸਬੰਧੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਰਿਆਣਾ ਸਰਕਾਰ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਦਰਅਸਲ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਹਫ਼ਤੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਸਨ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ।
ਹਾਈ ਕੋਰਟ ਨੇ ਇਹ ਹੁਕਮ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ ਸੀ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਨੂੰ ਮੰਦਭਾਗਾ ਕਰਾਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਾਰਡਰ ਬੰਦ ਕਰਨ 'ਤੇ ਸੁਪਰੀਮ ਕੋਰਟ ਲਗਾ ਚੁੱਕੀ ਹੈ ਫਟਕਾਰ
ਸੁਪਰੀਮ ਕੋਰਟ ਵਿੱਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਡਿਵੀਜ਼ਨ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾਈ ਸੀ।
ਵਾਸੂ ਰੰਜਨ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ਾਂ ਦੀ ਮੰਗ ਵੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਗਏ ਹਾਈ ਕੋਰਟ ਦੇ ਆਦੇਸ਼ 'ਤੇ ਆਪਣੀ ਮੋਹਰ ਲਗਾਏਗਾ ਅਤੇ ਸ਼ੰਭੂ ਬਾਰਡਰ ਖੋਲ੍ਹਣ ਦਾ ਆਦੇਸ਼ ਦੇਵੇਗਾ।