PM ਮੋਦੀ ਸਮੇਤ ਦਿੱਗਜ ਨੇਤਾਵਾਂ ਨੇ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਮਚੀ ਭਗਦੜ ‘ਤੇ ਜਤਾਇਆ ਦੁੱਖ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਗਦੜ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵੱਲੋਂ ਮੁਆਵਜ਼ੇ ਦਾ ਕੀਤਾ ਐਲਾਨ

PM modi

 

 

ਨਵੀਂ ਦਿੱਲੀ: ਨਵੇਂ ਸਾਲ ਦੇ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੰਦਰ 'ਚ ਅਚਾਨਕ ਮਚੀ ਭਗਦੜ ਕਾਰਨ ਕਰੀਬ 12 ਲੋਕਾਂ ਦੀ ਜਾਨ ਚਲੀ ਗਈ। ਇਸ ਦੌਰਾਨ 13 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਵਾਪਰੀ ਘਟਨਾ 'ਤੇ ਦੁੱਖ ਜਤਾਇਆ ਹੈ।

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਤਾ ਵੈਸ਼ਨੋ ਦੇਵੀ ਭਵਨ 'ਚ ਭਗਦੜ 'ਚ ਜਾਨੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ, ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਦੇ ਨਾਲ ਹੀ ਪੀਐਮ ਨੇ ਲਿਖਿਆ ਕਿ ਉਨ੍ਹਾਂ ਨੇ ਇਸ ਘਟਨਾ ਬਾਰੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਮੰਤਰੀ ਡਾਕਟਰ ਜਤਿੰਦਰ ਸਿੰਘ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਾਲ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ।

 

 

ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ- ਮਾਤਾ ਵੈਸ਼ਨੋਦੇਵੀ ਮੰਦਰ 'ਚ ਭਗਦੜ ਦਾ ਹਾਦਸਾ ਦੁਖਦ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

 

 

 

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਹੋਏ ਦਰਦਨਾਕ ਹਾਦਸੇ ਕਾਰਨ ਦਿਲ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਇਸ ਸਬੰਧ ਵਿੱਚ ਮੈਂ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ ਨਾਲ ਗੱਲ ਕੀਤੀ ਹੈ। ਪ੍ਰਸ਼ਾਸਨ ਜ਼ਖਮੀਆਂ ਦੇ ਇਲਾਜ ਲਈ ਲਗਾਤਾਰ ਕੰਮ ਕਰ ਰਿਹਾ ਹੈ। ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੈਂ ਹਮਦਰਦੀ ਪ੍ਰਗਟ ਕਰਦਾ ਹਾਂ।

 

 

ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਭਗਦੜ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਕਿ ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਭਗਦੜ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪੀਐਮਐਨਆਰਐਫ ਵੱਲੋਂ ਦੋ-ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।

 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਗਟ ਕੀਤਾ ਦੁੱਖ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ-ਕਸ਼ਮੀਰ ਦੇ ਵੈਸ਼ਨੋ ਦੇਵੀ ਮੰਦਰ ਵਿੱਚ ਵਾਪਰੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਭਗਦੜ 'ਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਅਤੇ ਪੂਰਨ ਸਿਹਤਯਾਬ ਹੋਣ ਦੀ ਅਰਦਾਸ ਕੀਤੀ।

 

ਰਾਜਾ ਵੜਿੰਗ ਨੇ ਵੀ ਪ੍ਰਗਟਾਇਆ ਦੁੱਖ
 ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ  ਜੰਮੂ-ਕਸ਼ਮੀਰ ਦੇ ਵੈਸ਼ਨੋ ਦੇਵੀ ਮੰਦਿਰ 'ਚ ਹੋਏ ਹਾਦਸੇ 'ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮੈਂ ਮਾਤਾ ਵੈਸ਼ਨੋ ਦੇਵੀ ਭਵਨ 'ਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀ ਸੰਵੇਦਨਾ ਪੀੜਤ ਪਰਿਵਾਰਾਂ ਨਾਲ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।